ਮੰਤਰੀ ਜਿੰਪਾ ਦੀ ਕੋਠੀ ਦਾ ਚੌਂਕੀਦਾਰ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ

ਹੁਸ਼ਿਆਰਪੁਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਸੱਤ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਆਮ ਆਦਮੀ ਪਾਰਟੀ ਚੋਣ ਮੁਹਿੰਮ ਵੇਲੇ ਦਾਅਵਾ ਸੀ ਕਿ ਕਿਸੇ ਵੀ ਵਿਅਕਤੀ ਜਾਂ ਜਥੇਬੰਦੀ ਨੂੰ ਧਰਨੇ ਦੇਣ ਦੀ ਜ਼ਰੂਰਤ ਨਹੀਂ ਪਵੇਗੀ ਪਰ 7 ਮਹੀਨਿਆਂ ਦੀ ਕਾਰਗੁਜ਼ਾਰੀ ਦੇ ਅੰਦਰ ਹੀ ਦੇਖਿਆ ਜਾਵੇ ਤਾਂ ਹਰ ਰੋਜ਼ ਹੀ ਧਰਨੇ-ਮੁਜ਼ਾਹਰੇ ਲੱਗ ਰਹੇ ਹਨ। ਅੱਜ ਹੁਸ਼ਿਆਰਪੁਰ ਵਿਖੇ ਚੌਂਕੀਦਾਰ ਯੂਨੀਅਨ ਦੇ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਨੇ ਕਿਹਾ ਕਿ ਮੰਗਾਂ ਮਨਵਾਉਣ ਲਈ ਲਈ ਯੂਨੀਅਨ ਦੇ ਮੈਂਬਰਾਂ ਨੂੰ ਲਾਮਬੰਦ ਕਰਦਿਆਂ ਆਵਾਜ਼ ਬੁਲੰਦ ਕੀਤੀ ਜਾ ਹੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੌਂਕੀਦਾਰਾਂ ਦੀਆਂ ਪਿਛਲੇ ਲੰਬੇ ਅਰਸੇ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਉਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਯੂਨੀਅਨ ਵੱਲੋਂ ਹੁਣ ਤੱਕ ਕੀਤੇ ਗਏ ਸੰਘਸ਼ ਨੂੰ ਪੰਜਾਬ ਸਰਕਾਰ ਨੇ ਅਣਦੇਖਿਆ ਕੀਤਾ, ਜਿਸ ਕਾਰਨ ਸੂਬੇ ਭਰ ਦੇ ਪੇਂਡੂ ਚੌਂਕੀਦਾਰਾਂ ਵਿਚ ਰੋਸ ਦੀ ਲਹਿਰ ਹੈ। ਇਸ ਲਈ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।