- ਡਾ. ਰਵਜੋਤ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ
- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ
ਹੁਸ਼ਿਆਰਪੁਰ, 20 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ। ਵਿਧਾਇਕ ਸ਼ਾਮਚੁਰਾਸੀ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਨਿਭਾਇਆ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਤੀਰਥ ਯਾਤਰਾ ਕਰਵਾਉਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਹੈ ਅਤੇ ਪੂਰੇ ਸੂਬੇ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਸ਼ਾਮਚੁਰਾਸੀ ਤੋਂ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ’ਤੇ ਵਿਧਾਇਕ ਡਾ. ਰਵਜੋਤ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਸਥਾਨ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ਼੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੋਧਿਆ ਅਤੇ ਵਰਿੰਦਾਵਨ (ਉਤਰ ਪ੍ਰਦੇਸ਼), ਸ਼੍ਰੀ ਅਜਮੇਰ ਸ਼ਰੀਫ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਸਾਲਾਸਰ ਧਾਮ, ਸ਼੍ਰੀ ਖਾਟੁ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾ ਲਈ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਰਾਜ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਤੋਂ ਏ.ਸੀ ਬੱਸਾਂ ਦੁਆਰਾ ਹੋਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਰਦਾਨ ਸਿੱਧ ਹੋ ਰਹੀ ਹੈ।