ਗਣਤੰਤਰ ਦਿਵਸ ਮੌਕੇ ਚੇਅਰਮੈਨ ਔਲਖ ਨੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ

  • ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ

ਹੁਸ਼ਿਆਰਪੁਰ, 27 ਜਨਵਰੀ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ  ਚੇਅਰਮੈਨ ਹਰਮੀਤ ਸਿੰਘ ਔਲਖ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ 75ਵੇਂ ਗਣਤੰਤਰ ਦਿਵਸ ਦੀ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਇਲਾਕੇ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਟਰੱਸਟ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨ ਲਈ ਜੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਸੁਧਾਰ ਟਰਸਟ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।