ਹੁਸ਼ਿਆਰਪੁਰ 24 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇਕ ਸਾਲ ਵਿਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੀਤ ਕੌਰ ਨੇ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਦਿੱਤੀ | ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਪਿੰਡਾਂ ਵਿਚ ਹੇਠਲੇ ਪੱਧਰ ਤੱਕ ਵਿਕਾਸ ਕਾਰਜ ਕਰਵਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਕੋਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਸੂਚੀ ਮੰਗਵਾਈ ਗਈ ਸੀ, ਜਿਸ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 63 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਨ੍ਹਾਂ 'ਚੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਵੱਖ-ਵੱਖ ਕੰਮਾਂ ਲਈ 60 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ 'ਚੋਂ ਬਹੁਤੇ ਕੰਮ ਮੁਕੰਮਲ ਵੀ ਹੋ ਚੁੱਕੇ ਹਨ | ਇਸ ਤਹਿਤ ਕਈ ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਯਕੀਨੀ ਤੌਰ 'ਤੇ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ, ਤਾਂ ਜੋ ਇਸ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ।