- ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
- ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ
ਹੁਸ਼ਿਆਰਪੁਰ, 27 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਪਿੰਡ ਬਜਵਾੜਾ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆਂ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਚੰਗਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਜਨਤਾ ਨੂੰ ਹੋਇਆ ਹੈ। ਚਾਹੇ ਉਹ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਗੱਲ ਹੋਵੇ ਜਾਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਇਸ ਤਰ੍ਹਾਂ ਦੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਜੋ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਪਿੰਡ ਦੀ ਸਰਪੰਚ ਪ੍ਰੀਤੀ, ਸਾਬਕਾ ਸਰਪੰਚ ਰਾਮ ਲਾਲ, ਮਦਨ ਲਾਲ, ਕੁਲਵੰਤ ਸਿੰਘ, ਅਮਿਤ ਨਾਗੀ, ਰਜਿੰਦਰ ਪੰਚ, ਅਸ਼ੋਕ ਪਹਿਲਵਾਨ, ਪ੍ਰਿਤਪਾਲ, ਪਿੰਦਰ ਕੁਮਾਰ, ਹਰਿੰਦਰ ਸ਼ੇਰ ਗਿੱਲ, ਹਰਿੰਦਰ ਸ਼ੇਰਗਿੱਲ, ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।