ਨਵਾਂਸ਼ਹਿਰ, 30 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਬਲਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿੰਮ ਜ਼ਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।ਕੈਂਪ ਦੌਰਾਨ ਰੇਨੂ ਬਾਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤੀ ਕਰਨ ਸਬੰਧੀ ਅਪਣਾਈਆਂ ਜਾਂਦੀਆਂ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਡਾ. ਕਿਰਨਦੀਪ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਸਬੰਧੀ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਡਾ. ਆਰਤੀ ਵਰਮਾ ਨੇ ਪੌਸ਼ਟਿਕ ਬਗੀਚੀ ਬਾਰੇ ਵਿਸਥਾਰ ਨਾਲ ਦੱਸਿਆ। ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਵੀ ਕੱਢੀ ਅਤੇ ਨਾਲ ਹੀ ਭਾਸ਼ਣ, ਲੇਖ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।