- ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਮਨਾਇਆ ਨਵਾਂ ਸਾਲ
- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਵਾਈ ਹਾਜ਼ਰੀ
ਹੁਸ਼ਿਆਰਪੁਰ, 8 ਜਨਵਰੀ : ਤਹਿਸੀਲ ਅਤੇ ਐਸ ਡੀ ਐਮ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇਥੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਧਰਮਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਮਾਲ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਹਾਜ਼ਰੀ ਭਰੀ। ਉਨ੍ਹਾਂ ਸਮੂਹ ਸਟਾਫ਼ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਸਟਾਫ਼ ਨੇ ਪਿਛਲੇ ਵਰ੍ਹੇ 'ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ 'ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਅਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਵਿਭਾਗ ਦਾ ਹਰੇਕ ਅਧਿਕਾਰੀ ਤੇ ਕਰਮਚਾਰੀ, ਇਸ ਵਰ੍ਹੇ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਡਾ. ਹਰਮਿੰਦਰ ਸਿੰਘ ਬਕਸ਼ੀ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਤਹਿਸੀਲਦਾਰ ਗੁਰਸੇਵਕ ਚੰਦ, ਨਾਇਬ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।