- ਪੰਜਵੇਂ ਦਿਨ ਤੱਕ ਕੁੱਲ 7752 ਸੇਵਾਵਾਂ ਲਈ ਆਈਆਂ ਅਰਜ਼ੀਆਂ, 6239 ਦਾ ਹੋਇਆ ਮੌਕੇ ’ਤੇ ਨਿਪਟਾਰਾ
- 1326 ਸ਼ਿਕਾਇਤਾਂ ’ਚੋਂ 1287 ਮੌਕੇ ’ਤੇ ਕੀਤੀਆਂ ਗਈਆਂ ਹੱਲ
ਹੁਸ਼ਿਆਰਪੁਰ, 11 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਾਰੇ ਉਪ ਮੰਡਲਾਂ ਵਿਚ ਕੁੱਲ 32 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਵੇਂ ਦਿਨ ਤੱਕ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੇ 7752 ਸੇਵਾਵਾਂ ਲਈ ਅਰਜ਼ੀਆਂ ਦਿੱਤੀਆਂ ਅਤੇ 6239 ਸੇਵਾਵਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੁਣ ਤੱਕ 1326 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 1287 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੈਂਡਿੰਗ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਨਿਸ਼ਚਿਤ ਸਮੇਂ ਵਿਚ ਕਰ ਦਿੱਤਾ ਜਾਵੇਗਾ। ਅੱਜ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹੇ ਵਿਚ ਲੱਗੇ ਕੈਂਪਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਪ ਮੰਡਲ ਗੜ੍ਹਸ਼ੰਕਰ ਵਿਚ 4, ਟਾਂਡਾ ਵਿਚ 4, ਹੁਸ਼ਿਆਰਪੁਰ 9, ਦਸੂਹਾ ਵਿਚ 7 ਅਤੇ ਮੁਕੇਰੀਆਂ ਵਿਚ 8 ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਡੋਰ ਸਟੈਪ ਦੇ ਨੇੜੇ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਇਕ ਮਹੀਨੇ ਤੱਕ ਇਹ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਰੋਜ਼ਾਨਾ ਸ਼ਾਮ ਨੂੰ ਮੌਨੀਟਰਿੰਗ ਹੋਵੇਗੀ ਜਿਸ ਵਿਚ ਕਿੰਨੇ ਬਿਨੈ ਪੱਤਰ ਆਏ, ਕਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਸਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀ ਕੀਤਾ ਗਿਆ ਆਦਿ ਸ਼ਾਮਿਲ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜੀਫ਼ਾ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਨਾਲ ਸਬੰਧਤ ਲਾਭਪਾਤਰੀ, ਜਨਮ ਸਰਟੀਫਿਕੇਟ ਦੇ ਨਾਮ ਵਿਚ ਬਦਲਾਅ, ਬਿਜਲੀ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜਾਂ ਦੀਆਂ ਪ੍ਰਮਾਣਿਕ ਕਾਪੀਆਂ, ਪੇਂਡੂ ਖੇਤਰ ਨਾਲ ਸਬੰਧਤ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗੂਨ ਸਕੀਮ, ਜਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟ ਦੇ ਕਾਊਂਟਰ ਬਿਨੈ ਪੱਧਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ ਵਿਚ ਤਬਦੀਲੀ ਆਦਿ ਸ਼ਾਮਲ ਹਨ।