- ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ
ਹੁਸ਼ਿਆਰਪੁਰ, 28 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਲਈ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹ ਹਰਿਆਣਾ ਕਸਬੇ ਦੇ ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਹਾਜ਼ਰ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੇਡ ਮੈਦਾਨ ਵਿਚ ਪਸੀਨਾ ਵਹਾਉਂਦੇ ਨੌਜਵਾਨਾਂ ਨੂੰ ਦੇਖ ਕੇ ਅਨੰਦ ਆਉਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ ਸਗੋਂ ਆਪਸੀ ਭਾਈਚਾਰਾ ਵੀ ਵਧਾਉਂਦੀਆਂ ਹਨ। ਇਸ ਦੌਰਾਨ ਉਨ੍ਹਾਂ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਭਾਵਨਾ ਨਾਲ ਹਮੇਸ਼ਾ ਇਕ ਦੂਜੇ ਦਾ ਸਾਥ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਸਾਡੀ ਰਵਾਇਤੀ ਖੇਡ ਕਬੱਡੀ ਸਬੰਧੀ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਦੇ ਨਾਂ ਹੇਠ ਖੇਡ ਮੁਕਾਬਲੇ ਸ਼ੁਰੂ ਕੀਤੇ ਗਏ ਸਨ, ਜਿਸ ਤਹਿਤ ਇਸ ਸਾਲ ਵੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਸੈਣੀ, ਸਲੀਮ ਕੌਸ਼ਲ, ਰਾਜੇਸ਼ ਗੁਪਤਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।