- ਕੈਬਨਿਟ ਮੰਤਰੀ ਨੇ ਪਿੰਡ ਛਾਉਣੀ ਕਲਾਂ ਦੀ ਪੰਚਾਇਤ ਨੂੰ ਬਾਸਕਿਟਬਾਲ ਗਰਾਊਂਡ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਪਿੰਡ ਬੂਥਗੜ੍ਹ ਦੀਆਂ ਸਮੱਸਿਆਵਾਂ ਸੁਣ ਕੇ ਜਲਦ ਹੱਲ ਕਰਾਉਣ ਦਾ ਦਿਵਾਇਆ ਵਿਸ਼ਵਾਸ
ਹੁਸ਼ਿਆਰਪੁਰ, 28 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਲਕੇ ਦੇ ਲੋਕਾਂ ਤੱਕ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਯਕੀਨੀ ਪਹੁੰਚਾਈਆਂ ਜਾ ਸਕਣ। ਉਹ ਪਿੰਡ ਛਾਉਣੀ ਕਲਾਂ ਦੀ ਪੰਚਾਇਤ ਨੂੰ ਪਿੰਡ ਵਿਚ ਬਾਸਕਿਟਬਾਲ ਗਰਾਊਂਡ ਲਈ 5 ਲੱਖ ਰੁਪਏ ਦਾ ਚੈੱਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਟੇਡੀਅਮ ਲਈ ਹੋਰ ਜ਼ਰੂਰਤਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਿੰਡ ਦੇ ਵਿਕਾਸ ਸਬੰਧੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਪਿੰਡ ਦੀ ਹਰ ਮੰਗ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਬੂਥਗੜ੍ਹ ਦਾ ਦੌਰਾ ਕਰਕੇ ਉਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਪਿੰਡ ਦੀ ਟੁੱਟੀ ਪੁਲੀ ਦਾ ਐਸਟੀਮੇਟ ਸਬੰਧਤ ਵਿਭਾਗ ਦੇ ਅਧਿਕਾਰੀਆਂ ਵਲੋਂ ਲਿਆ ਗਿਆ ਹੈ ਅਤੇ ਜਲਦ ਹੀ ਪੁਲੀ ਵਾਲੀ ਜਗ੍ਹਾ ’ਤੇ ਬਿਹਤਰੀਨ ਕਾਜਵੇਅ ਦਾ ਨਿਰਮਾਣ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਦੀ ਲੰਬੇ ਸਮੇਂ ਤੋਂ ਪੈਡਿੰਗ ਸਮੱਸਿਆ ਦਾ ਹੱਲ ਹੋ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਦੀ ਮੰਗ ’ਤੇ ਪਾਣੀ ਦੀ ਟੈਂਕੀ ਲਈ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਜਲਦ ਹੀ ਇਸ ਕਾਰਜ ਲਈ ਟੈਂਡਰ ਲੱਗ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਨ। ਇਸ ਮੌਕੇ ਪਿੰਡ ਛਾਉਣੀ ਕਲਾਂ ਦੀ ਸਰਪੰਚ ਦਵਿੰਦਰ ਕੌਰ ਚੌਹਾਨ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਪਵਨ, ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।