ਕਪੂਰਥਲਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 17660 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 17435 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਗਈ ਫਸਲ ਦੀ ਬਣਦੀ 10 ਕਰੋੜ ਰੁਪਏ ਦੀ ਅਦਾਇਗੀ ਵੀ ਨਾਲੋ- ਨਾਲ ਮੁਕੰਮਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 5115 ਮੀਟਰਕ ਟਨ, ਮਾਰਕਫੈੱਡ ਵੱਲੋਂ 5210 ਮੀਟਰਕ ਟਨ, ਪਨਸਪ ਵੱਲੋਂ 2407 ਮੀਟਰਕ ਟਨ, ਵੇਅਰ ਹਾਊਸ ਵੱਲੋਂ 3449 ਮੀਟਰਕ ਟਨ ਅਤੇ ਪ੍ਰਾਈਵੇਟ ਟ੍ਰੇਡਰਸ ਵੱਲੋਂ 1164 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸ਼੍ਰੀ ਸਾਰੰਗਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾਂ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ ਦੇ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਫਸਲ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਕੰਬਾਇਨਾਂ ਸਿੱਲੀ ਫਸਲ ਕੱਟ ਦਿੰਦੀਆਂ ਹਨ ਜਿਸ ਕਾਰਨ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਫਸਲ ਨੂੰ ਚੰਗੀ ਤਰ੍ਹਾਂ ਸੁੱਕਾ ਲਿਆ ਜਾਵੇ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗ ਸਕਣ।ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦੇ ਹੋਏ ।