ਹੁਸ਼ਿਆਰਪੁਰ, 6 ਮਈ : ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ 288566 ਮੀਟ੍ਰਿਕ ਟਨ ਕਣਕ ਵਿਚੋਂ 288566 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 82178, ਮਾਰਕਫੈਡ ਵਲੋਂ 68890, ਪਨਸਪ ਵਲੋਂ 67057, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 41277, ਐਫ.ਸੀ.ਆਈ ਵਲੋਂ 23380 ਅਤੇ ਵਪਾਰੀਆਂ ਵਲੋਂ 5784 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਦੇ ਸਮੇਂ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।