- ਸਹਾਇਕ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖਤੀ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 8 ਨਵੰਬਰ : ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਸਟਾਕ ਕਰਨ ਤੇ ਖਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਚਾਈਨਾ ਡੋਰ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਐਸ. ਪੀ ਨਵਨੀਤ ਕੌਰ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਾਈਨਾ ਡੋਰ ਖਿਲਾਫ਼ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਸਖ਼ਤ ਕਾਰਵਾਈ ਕਰ ਸਕਦਾ ਹੈ, ਪਰੰਤੂ ਮਾਪਿਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਬੱਚਿਆਂ ਦੇ ਮਾਪਿਆਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਜਾਗਰੂਕ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਹਿਲਾਂ ਹੀ ਧਾਰਾ 144 ਤਹਿਤ ਇਸ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਕੀਤੇ ਜਾ ਚੁੱਕੇ ਹਨ, ਪਰੰਤੂ ਇਹ ਧਿਆਨ ਵਿਚ ਆਇਆ ਹੈ ਕਿ ਹੁਣ ਵੀ ਕੁਝ ਲੋਕ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਹਨ, ਜਿਸ ਨਾਲ ਕਈ ਦੁਰਘਟਨਾਵਾਂ ਹੋ ਰਹੀਆਂ ਹਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ ਜਾਂ ਸਟਾਕ ਕਰਦਾ ਹੈ, ਤਾਂ ਉਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਇਸ ਦੇ ਖਿਲਾਫ਼ ਮੁਹਿੰਮ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਈ.ਓਜ਼ ਨਗਰ ਤੇ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੰਦੇ ਹੋਏ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਚੈਕਿੰਗ ਕਰਨ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਹੈ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਵਿਚ ਸਵੈ ਸੇਵੀ ਸੰਸਥਾਵਾਂ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀਆਂ ਹਨ। ਵਿਓਮ ਭਾਰਦਵਾਜ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਨਾਈਲੋਨ, ਸਿੰਥੈਟਿਕ, ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲਾ ਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਚਪੇਟ ਵਿਚ ਆ ਕੇ ਦੋ ਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਪੰਛੀ ਵੀ ਫਸ ਕੇ ਜ਼ਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਪੌਦਿਆਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ।