- ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਚ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਤੇ ਡਿਪਟੀ ਸਪੀਕਰ ਨੇ ਕੀਤੀ ਸ਼ਿਰਕਤ
- ਖੇਡਾਂ ਦੇ ਬੱਜਟ ਵਿਚ ਵਾਧਾ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 6 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਉਹ ਆਪਣੇ ਪੰਜਾਬ ਨੂੰ ਹਮੇਸ਼ਾ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ। ਉਹ ਅੱਜ ਜ਼ਿਲ੍ਹੇ ਵਿਚ ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਖੇ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿਚ ਭਾਗ ਲੈਣ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆਉਣ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਪ੍ਰਵਾਸੀ ਭਾਰਤੀਆਂ ਵੱਲੋਂ ਸਮੇਂ-ਸਮੇਂ 'ਤੇ ਜ਼ਮੀਨੀ ਪੱਧਰ 'ਤੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਹੀ ਪੰਜਾਬ ਸਰਕਾਰ ਵੀ 'ਖੇਡਾਂ ਵਤਨ ਪੰਜਾਬ ਦੀਆਂ'' ਰਾਹੀਂ ਨੌਜਵਾਨਾਂ 'ਚ ਨਵੀਂ ਊਰਜਾ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਾਨੂੰ ਸਰੀਰਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ, ਉਥੇ ਇਹ ਸਾਨੂੰ ਨਸ਼ਿਆਂ ਵਰਗੀਆਂ ਘਾਤਕ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਹਰ ਸੰਭਵ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਸ ਫੁੱਟਬਾਲ ਟੂਰਨਾਮੈਂਟ ਵਿਚ ਸਹਿਯੋਗ ਦੇਣ ਲਈ ਪ੍ਰਵਾਸੀ ਭਾਰਤੀਆਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਪਿੰਡ ਦੇ ਪ੍ਰਵਾਸੀ ਭਾਰਤੀਆਂ ਨੇ ਜ਼ਮੀਨ ਦਾਨ ਕਰਕੇ ਇਥੇ ਸਟੇਡੀਅਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਵੀ ਆਪਣਾ ਬੱਜਟ 50 ਕਰੋੜ ਰੁਪਏ ਤੋਂ ਵਧਾ ਕੇ 250 ਕਰੋੜ ਰੁਪਏ ਕਰ ਦਿੱਤਾ ਹੈ, ਜਿਸ ਨਾਲ ਕਈ ਸਮੱਸਿਆਵਾਂ ਜ਼ਮੀਨੀ ਪੱਧਰ 'ਤੇ ਹੱਲ ਹੋ ਜਾਣਗੀਆਂ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ, ਅਵਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।