- ਸਿਟਰਸ ਅਸਟੇਟ ਭੂੰਗਾ ਵਿਖੇ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ
- ਨੌਜਵਾਨਾਂ ਨੇ ਕੈਂਪ ਵਿਚ ਉਤਸ਼ਾਹ ਨਾਲ ਲਿਆ ਭਾਗ
ਹੁਸ਼ਿਆਰਪੁਰ, 1 ਦਸੰਬਰ : ਸਵੀਪ ਗਤੀਵਿਧੀ ਤਹਿਤ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਅੱਜ ਸਿਟਰਸ ਅਸਟੇਟ ਭੂੰਗਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਵਿਚ ਇਲਾਕੇ ਦੇ ਕਾਲਜਾਂ, ਤਕਨੀਕੀ ਸੰਸਥਾਵਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਬਲਰਾਜ ਸਿੰਘ ਨੇ ਕੈਂਪ ਵਿਚ ਆਏ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਕਰਕੇ ਅਸੀਂ ਆਪਣੀ ਪਸੰਦ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦੀ ਉਸਾਰੀ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ, ਇਸ ਲਈ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਜਿਸ ਲਈ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਵੋਟ ਪਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਹ ਸੁਧਾਈ 9 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਹਨ, ਉਹ ਆਪਣੀ ਵੋਟ ਜ਼ਰੂਰ ਬਣਾਉਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਨਵੀਆਂ ਵੋਟਾਂ ਬਣਾਈਆਂ ਜਾ ਸਕਦੀਆਂ ਹਨ, ਵੋਟਰਾਂ ਦੇ ਵੇਰਵਿਆਂ ਵਿਚ ਸੋਧ ਕੀਤੀ ਜਾ ਸਕਦੀ ਹੈ ਜਾਂ ਵੋਟਾਂ ਨੂੰ ਡਿਲੀਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੋਂ ਆਏ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵੋਟਿੰਗ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਭਰਨ ਵਾਲੇ ਨੌਜਵਾਨਾਂ ਨੂੰ ਫਲਦਾਰ ਬੂਟੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਇਕ ਵਿਸ਼ੇਸ਼ ਨਾਟਕ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਡਿਪਟੀ ਡਾਇਰੈਕਟਰ ਬਾਗਬਾਨੀ ਜਸਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਜਸਪਾਲ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਸਿਮਰਨਜੀਤ ਸਿੰਘ, ਦਿਨੇਸ਼ ਕੁਮਾਰ, ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।