- ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਹੁਸ਼ਿਆਰਪੁਰ, 9 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਪੀ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਜ਼ਿਲ੍ਹੇ ਭਰ ਤੋਂ ਲੋਕ ਪਹੁੰਚਣਗੇ, ਇਸ ਲਈ ਆਵਾਜਾਈ, ਸੁਰੱਖਿਆ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਆਦਿ ਪ੍ਰਬੰਧਾਂ ਸਬੰਧੀ ਪਹਿਲਾਂ ਤੋਂ ਹੀ ਤਿਆਰੀਆਂ ਕਰ ਲਈਆਂ ਜਾਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 51 ਨਵਜੰਮੀਆਂ ਬੱਚੀਆਂ, 21 ਗਰਭਵਤੀ ਔਰਤਾਂ, 30 ਸਿਹਤਮੰਦ ਬੇਬੀ ਸ਼ੋਅ ਕਰਨ ਵਾਲੇ ਬੱਚਿਆਂ ਅਤੇ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਵੀ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਧੀਆਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸਾਰੀਆਂ ਤਿਆਰੀਆਂ ਸਬੰਧੀ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਾਊਂ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਨਪ੍ਰੀਤ ਸਿੰਘ,ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐਮ ਅਰੁਣ ਕੁਮਾਰ, ਡਾ. ਅਨੀਤਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਧੀਰਜ ਵਸ਼ਿਸ਼ਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੀ.ਡੀ.ਪੀ.ਓ ਦਇਆ ਰਾਣੀ, ਸੀ.ਡੀ.ਪੀ.ਓ ਮੰਜੂ ਬਾਲਾ, ਸੀ.ਡੀ.ਪੀ.ਓ. ਪਰਮਜੀਤ ਕੌਰ, ਸੀ.ਡੀ ਪੀ.ਓ ਜਸਵਿੰਦਰ ਕੌਰ, ਆਰਤੀ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।