- ਕੈਬਨਿਟ ਮੰਤਰੀ ਨੇ ਪਿੰਡ ਕਿਲਾ ਬਰੂਨ ਤੋਂ ਨਿਕਲਣ ਵਾਲੇ ਚੋਅ ’ਚ ਪਾਣੀ ਦੀ ਨਿਕਾਸੀ ਬੰਦ ਕਰਨ ਦੇ ਸਬੰਧ ’ਚ ਲਿਆ ਸਖਤ ਨੋਟਿਸ
- ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 19 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਕ ਮਾਮਲਾ ਆਇਆ ਹੈ ਕਿ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਕਿਲਾ ਬਰੂਨ ਦੇ ਤਹਿਤ ਆਉਂਦੀ ਇਕ ਪੁੱਲੀ ਨਾਲ ਕਿਸੇ ਵਿਅਕਤੀ ਵਲੋਂ ਚੋਅ ਦਾ ਰਸਤਾ ਬੰਦ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਸਬੰਧ ਵਿਚ ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਡਿਪਟੀ ਕਮਿਸ਼ਨਰ ਵਲੋਂ ਵੀ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਮੀਨ ਦੇ ਮਾਲਕ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਗੈਰ ਕਾਨੂੰਨੀ ਢੰਗ ਨਾਲ ਪਾਣੀ ਦੇ ਨਿਕਾਸ ਨੂੰ ਰੋਕਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਲੋਕ ਹਿੱਤ ਵਿਚ ਸਰਕਾਰ ਸਖਤ ਫੈਸਲੇ ਲੈਣ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦਾ ਮਾਮਲਾ ਪਹਿਲਾਂ ਵੀ ਕਿਤੇ ਹੋਇਆ ਹੈ, ਤਾਂ ਉਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਇਸ ਤਰ੍ਹਾਂ ਦੀ ਕਿਸੇ ਵੀ ਤਰ੍ਹਾਂ ਨਜਾਇਜ਼ ਕਾਰਵਾਈ ਨਹੀਂ ਹੋਣ ਦੇਵੇਗੀ ਅਤੇ ਇਸ ਤਰ੍ਹਾਂ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਮਲੇ ਸਬੰਧੀ ਪੂਰੀ ਜਾਂਚ ਕਰਨ ’ਤੇ ਪਤਾ ਚੱਲਿਆ ਹੈ ਕਿ ਪਿੰਡ ਕਿਲਾ ਬਰੂਨ ਦੀ ਉਕਤ ਜ਼ਮੀਨ ’ਤੇ ਕਿਸੇ ਵਿਅਕਤੀ ਨੇ ਜ਼ਮੀਨ ਵਿਚ ਪਾਈਪ ਪਾਈ ਹੈ ਅਤੇ ਵਿਭਾਗ ਵਲੋਂ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਇਹ ਪਾਈਪ ਨਿਕਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਨਾ ਕਰਨ ਦੀ ਸੂਰਤ ਵਿਚ ਸਬੰਧਤ ਖਿਲਾਫ਼ ਦਿ ਨਾਰਦਨ ਇੰਡੀਆ ਕੈਨਲ ਐਂਡ ਡਰੇਨੇਜ਼ ਐਕਟ 1857 ਦੀ ਧਾਰਾ 70 ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕੋਲੋਨਾਈਜ਼ਰਾਂ ਨੂੰ ਵੀ ਚਿਤਵਾਨੀ ਦਿੱਤੀ ਕਿ ਉਹ ਨਿਯਮਾਂ ਅਨੁਸਾਰ ਹੀ ਕਾਲੋਨੀਆਂ ਕੱਟਣ ਅਤੇ ਵਿਭਾਗ ਦੀਆਂ ਸ਼ਰਤਾਂ ਅਨੁਸਾਰ ਹੀ ਕੰਮ ਕਰਨ।