- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ’ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 11 ਵਜੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 51 ਨਵਜੰਮੀਆਂ ਬੱਚੀਆਂ, 21 ਗਰਭਵਤੀ ਔਰਤਾਂ, 30 ਸਿਹਤਮੰਦ ਬੇਬੀ ਸ਼ੋਅ ਕਰਨ ਵਾਲੇ ਬੱਚਿਆਂ ਅਤੇ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਧੀਆਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਦੇ ਮੱਦੇਨਜ਼ਰ ਵੱਡੀ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਅਤੇ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।