- ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਨੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਝੰਡੀ
ਮੁਕੇਰੀਆਂ , 27 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਮੁਕੇਰੀਆਂ ਵਿਖੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰੋ. ਮੁਲਤਾਨੀ ਨੇ ਇਸ ਮੌਕੇ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਅੱਜ ਇਹ ਦੂਸਰੀ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਸ਼ਰਧਾਲੂਆਂ ਨੂੰ ਸਾਰੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਪ੍ਰੋ. ਜੀ. ਐਸ ਮੁਲਤਾਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਤਹਿਸੀਲਦਾਰ ਮੁਕੇਰੀਆਂ ਅੰਮ੍ਰਿਤਬੀਰ ਸਿੰਘ ਗਿੱਲ, ਸੁਲੱਖਣ ਸਿੰਘ ਜੱਗੀ, ਕੌਂਸਲਰ ਸੇਵਾ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ