ਬੇਨਿਨ ‘ਚ ਇੱਕ ਬੱਸ ਅਤੇ ਟਰੱਕ ਦੀ ਟੱਕਰ ‘ਚ 22 ਲੋਕਾਂ ਦੀ ਮੌਤ, ਕਈ ਜਖ਼ਮੀ

ਦਾਸਾ-ਜ਼ੂਮ , 31 ਜਨਵਰੀ : ਪੱਛਮੀ ਅਫਰੀਕਾ ਦੇ ਬੇਨਿਨ ‘ਚ ਇੱਕ ਬੱਸ ਅਤੇ ਟਰੱਕ ਦੀ ਟੱਕਰ ‘ਚ 22 ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦਾ ਬੁਰੀ ਤਰ੍ਹਾਂ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਹਾਦਸਾ ਐਨਾ ਭਿਆਨਕ ਸੀ ਕਿ ਟੱਕਰ ਹੋ ਜਾਣ ਕਰਕੇ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਤਬਾਹ ਹੋ ਗਏ। ਬੇਨਿਨ ਦੇ ਸੰਚਾਰ ਵਿਭਾਗ ਦੇ ਨਿਰਦੇਸ਼ਕ ਨੇ ਫੇਸਬੁੱਕ 'ਤੇ ਪੋਸਟ ਕੀਤਾ ਕਿ ਹਾਦਸਾ ਐਤਵਾਰ ਨੂੰ ਦਾਸਾ-ਜੂਮੇ ਸ਼ਹਿਰ ਦੇ ਨੇੜੇ ਵਾਪਰਿਆ ਅਤੇ ਬਚਾਅ ਕਰਮਚਾਰੀਆਂ ਨੂੰ ਹਾਦਸੇ ਤੋਂ ਤੁਰੰਤ ਬਾਅਦ ਘਟਨਾ ਸਥਾਨ 'ਤੇ ਭੇਜਿਆ ਗਿਆ। ਨਿਰਦੇਸ਼ਕ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਨੇ ਸਾਨੂੰ ਮੁੜ ਯਾਦ ਦਿਵਾਇਆ ਹੈ ਕਿ ਸਾਡੀਆਂ ਸੜਕਾਂ 'ਤੇ ਸੁਰੱਖਿਆ ਇੱਕ ਚੁਣੌਤੀ ਬਣੀ ਹੋਈ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈੱਲ ਬਣਾਇਆ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।