ਐਡਮਿੰਟਨ 'ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਐਡਮਿੰਟਨ : ਕੈਨੇਡਾ ਦੇ ਐਡਮਿੰਟਨ ਸ਼ਹਿਰ 'ਚ ਇੱਕ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ। ਮਿਲੀ ਜਾਣਕਾਰੀ ਅਨੁਸਾਰ ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਸਨਰਾਜ ਜ਼ਖਮੀ ਹਾਲਤ ਵਿੱਚ ਮਿਲਿਆ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਟੀਮ ਵੱਲੋਂ ਇੱਕ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜੋ ਕਤਲ ਦੇ ਸਮੇਂ ਉਸੇ ਖੇਤਰ ਵਿਚੋਂ ਲੰਘੀ ਸੀ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਗੱਡੀ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।