ਦੇਸ਼ ਵਿੱਚ ਘੱਟ ਗਿਣਤੀਆਂ ’ਤੇ ਹਮਲੇ ਹੋ ਰਹੇ ਹਨ ਅਤੇ ਸਰਕਾਰ ਕੁਝ ਨਹੀਂ ਕਰ ਰਹੀ : ਰਾਹੁਲ ਗਾਂਧੀ

  • ਰਾਹੁਲ ਗਾਂਧੀ ਨੇ ਬੈਲਜੀਅਮ 'ਚ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਬੋਲਿਆ ਹਮਲਾ 

ਬੈਲਜੀਅਮ, 8 ਸਤੰਬਰ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਜੋ ਕਿ ਬੈਲਜੀਅਮ ਦੌਰੇ 'ਤੇ ਹਨ, ਨੇ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਇਸ ਦੇ ਨਾਲ ਹੀ ਰਾਹੁਲ ਨੇ ਇੱਕ ਵਾਰ ਫਿਰ ਭਾਰਤ ਵਿੱਚ ਲੋਕਤੰਤਰ ਨੂੰ ਵਿਦੇਸ਼ੀ ਧਰਤੀ ਤੋਂ ਖ਼ਤਰੇ ਵਿੱਚ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਮ ਲੋਕਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਿਰਫ ਆਪਣੇ ਕੁਝ ਖਾਸ ਲੋਕਾਂ ਦੀ ਹੀ ਸੁਣਦੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਮਾਹੌਲ ਖਰਾਬ ਕਰਨ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਘੱਟ ਗਿਣਤੀਆਂ ’ਤੇ ਹਮਲੇ ਹੋ ਰਹੇ ਹਨ ਅਤੇ ਸਰਕਾਰ ਕੁਝ ਨਹੀਂ ਕਰ ਰਹੀ। ਇਸ ਦੇ ਨਾਲ ਹੀ ਰਾਹੁਲ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਅਡਾਨੀ ਵਰਗੇ ਕੁਝ ਖਾਸ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਫਾਇਦਾ ਪਹੁੰਚਾ ਰਹੀ ਹੈ। ਬੈਲਜੀਅਮ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਕਾਂਗਰਸੀ ਆਗੂ ਤੋਂ ਪੁੱਛਿਆ ਗਿਆ ਕਿ ਕੀ ਉਹ ਦੇਸ਼ ਦਾ ਨਾਂ ਭਾਰਤ ਰੱਖਣ ਦਾ ਸਮਰਥਨ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਨੂੰ ਹੀ ਤੈਅ ਕਰਨਾ ਹੈ ਕਿ ਉਹ ਦੇਸ਼ ਦਾ ਕੀ ਨਾਂ ਰੱਖਣਾ ਚਾਹੁੰਦੀ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਹਟਾਉਣ ਲਈ ਇਹ ਸਭ ਕਰ ਰਹੀ ਹੈ। ਰਾਹੁਲ ਗਾਂਧੀ ਨੇ ਰੂਸ ਅਤੇ ਯੂਕਰੇਨ ਯੁੱਧ 'ਤੇ ਸਰਕਾਰ ਦੇ ਕਦਮਾਂ ਦਾ ਸਮਰਥਨ ਕੀਤਾ ਹੈ। ਰਾਹੁਲ ਨੇ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਭਾਰਤ ਦੀ ਮੌਜੂਦਾ ਸਥਿਤੀ ਨਾਲ ਸਹਿਮਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮੇਂ ਜੋ ਕਰ ਰਹੀ ਹੈ, ਅਸੀਂ ਉਸ ਦੇ ਨਾਲ ਹਾਂ।