ਵੈਨਕੂਵਰ, 15 ਅਪ੍ਰੈਲ : ਵੈਨਕੂਵਰ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਭਾਈਚਾਰੇ ਨਾਲ ਵਿਸਾਖੀ ਮਨਾਈ ਅਤੇ ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਮੌਕੇ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਟਰੂਡੋ ਨੇ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਔਰਤਾਂ ਅਤੇ ਬੱਚਿਆਂ ਸਮੇਤ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ। ਸੰਗਤ ਨੇ ਵੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਭਾਈਚਾਰਾ ਉਹ ਹੈ ਜਿਸ ਬਾਰੇ ਵਿਸਾਖੀ ਹੈ ਅਤੇ ਅੱਜ ਅਸੀਂ ਇਸ ਦੀ ਅਹਿਮੀਅਤ ਨੂੰ ਦੇਖਦੇ ਹੋਏ ਦੱਖਣੀ ਵੈਨਕੂਵਰ ਵਿਖੇ ਖ਼ਾਲਸਾ ਦੀਵਾਨ ਸੁਸਾਇਟੀ ਵਿਚ ਇਸ ਤਿਉਹਾਰ ਨੂੰ ਮਨਾਉਣ ਲਈ ਇਕੱਠੇ ਹੋਏ ਹਾਂ। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ!।” ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇਸ ਵੀਡੀਓ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮੌਕੇ 'ਤੇ ਮੌਜੂਦ ਲੋਕਾਂ ਨਾਲ ਗਲੇ ਮਿਲਦੇ ਅਤੇ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਗੁਰੂ ਘਰ ਨਤਮਸਤਕ ਹੋਏ ਅਤੇ ਪ੍ਰਸਾਦ ਵੀ ਲਿਆ। ਇਸ ਸਮਾਗਮ ਵਿਚ ਸ਼ਿਰਕਤ ਕਰ ਕੇ ਉਹ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਉਥੇ ਮੌਜੂਦ ਲੋਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।