ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 10,14,143 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ : ਡਿਪਟੀ ਕਮਿਸ਼ਨਰ

  • ਕਿਸਾਨਾਂ ਦੀ ਸਹੂਲਤ ਲਈ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਟੁਆਇਲਟ ਦਾ ਕੀਤਾ ਗਿਆ ਢੁਕਵਾਂ ਪ੍ਰਬੰਧ
  • ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸਾਫ਼ ਸੁਥਰੀ ਅਤੇ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ

ਤਰਨ ਤਾਰਨ, 04 ਅਕਤੂਬਰ : ਜ਼ਿਲਾ ਤਰਨ ਤਾਰਨ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਾਧ ਚਾਰਜ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਅਮਨ ਮਾਂਗਲਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 10,14,143 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ 62 ਖਰੀਦ ਕੇਂਦਰ ਬਣਾਏ ਗਏ ਹਨ।ਇਹਨਾਂ ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ ਸਫਾਈ, ਰੋਸ਼ਨੀ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਟੁਆਇਲਟ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੇ ਜਾਵੇ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਮੰਡੀਆਂ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਝੋਨੇ ਦੀ ਰੋਜ਼ਾਨਾ ਖਰੀਦ ਕੀਤੀ ਜਾਵੇਗੀ ਅਤੇ ਉਸ ਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਆਨਲਾਈਨ ਢੰਗ ਨਾਲ ਕਰਨੀ ਯਕੀਨੀ ਬਣਾਈ ਜਾਵੇਗੀ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ ਲੋੜੀਂਦੇ ਬਾਰਦਾਨਾ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ।