ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 118 ਕਰੋੜ 80 ਲੱਖ ਰੁਪਏ ਦੀ ਅਦਾਇਗੀ : ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਹੁੰਚੇ 1,50,293 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 1,09,504 ਮੀਟ੍ਰਿਕ ਟਨ ਦੀ ਖਰੀਦ

ਤਰਨ ਤਾਰਨ, 12 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 11 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 118 ਕਰੋੜ 80 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ । ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 11 ਅਕਤੂਬਰ ਤੱਕ 1,50,293 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1,09,504 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 41,401 ਮੀਟਰਿਕ ਟਨ, ਮਾਰਕਫੈੱਡ ਵੱਲੋਂ 32,714 ਮੀਟਰਿਕ ਟਨ, ਪਨਸਪ ਵੱਲੋਂ 19,468 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 15,922 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 10 ਲੱਖ ਮੀਟਿਰਿਕ ਟਨ ਤੋਂ ਵੱਧ ਝੋਨਾ ਆਉਣ ਦੀ ਸੰਭਾਵਨਾ ਹੈ। ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।