ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 127524 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 207.22 ਕਰੋੜ ਰੁਪਏ ਦੀ ਹੋਈ ਅਦਾਇਗੀ –ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਅਤੇ ਐਸ:ਐਸ:ਪੀ ਦਿਹਾਤੀ ਨੇ ਜੰਡਿਆਲਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ  ਸ੍ਰ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਐਸ:ਐਸ:ਪੀ ਦਿਹਾਤੀ ਸ੍ਰ ਚਰਨਜੀਤ ਸਿੰਘ,  ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰ ਸਰਤਾਜ ਸਿੰਘ  ਅਤੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ  ਜੰਡਿਆਲਾ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਵਿੱਚ ਕਾਫੀ ਤੇਜੀ ਆਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਤੇਜੀ ਲਿਆਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੈਡਮ ਸਾਕਸੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜਿਲੇ ਦੀਆਂ ਮੰਡੀਆਂ ਵਿੱਚ 127524 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 67682 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 207.22 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਪਨਗਰੇਨ ਵੱਲੋਂ 96.55 ਕਰੋੜ, ਮਾਰਕਫੈਡ ਵੱਲੋਂ 38.54 ਕਰੋੜ, ਪਨਸਪ ਵੱਲੋਂ 45.39 ਕਰੋੜ ਅਤੇ ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 26.74 ਕਰੋੜ ਰੁਪਏ ਦੀ ਅਦਾਇਗੀ  ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਸਮੂਹ ਏਜੰਸੀਆਂ ਵੱਲੋਂ 89159 ਮੀਟਰਕ ਟਨ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ 100.18 ਫੀਸਦੀ ਨਾਲ ਅਦਾਇਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆ ਰਹੀ ਜਦ ਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ  ਦੱਸੀਆਂ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।