ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,44,861 ਮੀਟ੍ਰਿਕ ਟਨ ਝੋਨੇ ਦੀ ਖਰੀਦ : ਡਿਪਟੀ ਕਮਿਸ਼ਨਰ

  • ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 177 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

ਤਰਨ ਤਾਰਨ, 13 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 12 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 1,86,481 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1,44,861 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ 12 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 58,801 ਮੀਟਰਿਕ ਟਨ, ਮਾਰਕਫੈੱਡ ਵੱਲੋਂ 39,362 ਮੀਟਰਿਕ ਟਨ, ਪਨਸਪ ਵੱਲੋਂ 26,092 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 20,605 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 177 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ 36,901 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।