ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਦੀ ਸਲਾਹ

  • ਝੋਨੇ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 15 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਜਿਥੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ, ਉਸਦੇ ਨਾਲ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਜਾ ਕੇ ਜਾਗਰੂਕ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈੱਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਬਾਰੇ ਵੀ ਪਿੰਡ ਪੱਧਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜਿਲ੍ਹਾ ਪਰਸ਼ਾਸਨ ਦੀਆਂ ਟੀਮਾਂ ਵਲੋਂ ਲਗਾਤਾਰ ਖੇਤਾਂ ਵਿੱਚ ਜਾ ਕੇ ਅੱਗ ਨੂੰ ਬੁਝਾਇਆ ਗਿਆ ਹੈ, ਅਤੇ ਕਿਸਾਨਾਂ ਨੂੰ ਇੰਨ ਸੀਟੂ ਤਰੀਕੇ ਨਾਲ ਝੋਨੇ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਨਾਲ ਪਰਾਲੀ ਪਰਬੰਧਨ ਲਈ ਪ੍ਰੇਰਿਤ ਕੀਤਾ ਗਿਆ ਹੈ।