ਸ਼੍ਰੋਮਣੀ ਕਮੇਟੀ ਮੈਂਬਰ ਬਾਹੀਆ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 4 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਬਾਹੀਆ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਸ. ਬਾਹੀਆ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਸੁਖਦੇਵ ਸਿੰਘ ਬਾਹੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ। ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਗਏ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।