ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫਤਾਰੀ ਬੇਹੱਦ ਮੰਦਭਾਗੀ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 16 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਡਵੋਕੇਟ ਰਾਜਦੀਪ ਸਿੰਘ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਂਝੀਆਂ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਜੋ ਸਿੱਧੇ ਤੌਰ 'ਤੇ ਮਨੁੱਖੀ ਅਧਿਕਾਰਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕਰਨਾ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹੈ, ਜਿਸ ਨੇ ਕੋਈ ਅਪਰਾਧ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਪਿਛਲੇ ਦਿਨਾਂ ਤੱਕ ਆਪਣੇ ਵਿਚਾਰ ਪ੍ਰਗਟ ਕਰ ਰਿਹਾ ਸੀ ਤਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਚੁੱਪ ਸੀ, ਇਸ ਲਈ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਲਈ ਹੁਣ ਆਮ ਲੋਕਾਂ ਨੂੰ ਗ੍ਰਿਫਤਾਰ ਕਰਨਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਬੇਹੱਦ ਮੰਦਭਾਗੀ ਹੈ, ਜਿਸ ਬਾਰੇ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਜਿਹੀ ਕਾਰਵਾਈ ਨਾ ਕੀਤੀ ਜਾਵੇ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਵੇ।