ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

  • ਡੀ ਏ ਪੀ ਖਾਦ ਦੀ ਵੰਡ ਸਬੰਧੀ  ਅਜਨਾਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 8 ਨਵੰਬਰ 2024 : ਕਿਸਾਨਾਂ ਨੂੰ ਡੀ:ਏ:ਵੀ:ਪੀ ਖਾਦ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਹਰਮੀਤ ਸਿੰਘ ਨੇ ਆਪਣੀ ਹਾਜਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮਿਲ ਕੇ 350 ਡੀ:ਏ:ਵੀ:ਪੀ ਖਾਦ ਦੇ ਬੈਗ ਕਿਸਾਨਾਂ ਨੂੰ ਵੰਡੇ ਗਏ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ ਜਿਸ ਬਲਾਕ ਵਿੱਚ ਖਾਦ ਪਹੁੰਚਦੀ ਹੈ ਉਹ ਆਪਣੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਵੰਡ ਨੂੰ ਯਕੀਨੀ ਬਣਾਉਣਗੇ। ਮੁੱਖ ਖੇਤੀਬਾੜੀ ਅਫਸਰ ਸ੍ਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ  ਅੱਜ ਅਜਨਾਲਾ ਵਿਖੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਸਬੰਧਤ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ 46% , ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ 20:20:0:13, 16:16:16, 10:26:26, 12:32:16 ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।