ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 26 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਹਾ ਜਾਵੇ ਕਿ ਆਓ, ਜੋ ਪੁੱਛਣਾ ਹੈ, ਪੁੱਛੋ।ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨਾਲ ਸਖ਼ਤੀ ਨਾ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇੰਨੇ ਵੱਡੇ ਅਪਰਾਧ ਨਹੀਂ ਕੀਤੇ, ਜਿੰਨੀਆਂ ਵੱਡੀਆਂ ਧਾਰਾਵਾਂ ਉਨ੍ਹਾਂ 'ਤੇ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜਥੇਦਾਰ ਨੇ ਸਰਕਾਰ 'ਤੇ ਸਵਾਲ ਉਠਾਇਆ ਹੈ ਕਿ ਇੰਨੀ ਵੱਡੀ ਪੁਲਸ ਫੋਰਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਜੇਕਰ ਗ੍ਰਿਫਤਾਰੀ ਹੋਈ ਹੈ ਤਾਂ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਹਾਲਾਤਾਂ 'ਤੇ ਵਿਚਾਰ ਕਰਨ ਲਈ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ 60 ਤੋਂ ਵੱਧ ਸਿੱਖ ਜਥੇਬੰਦੀਆਂ ਨੂੰ ਵਿਚਾਰ-ਵਟਾਂਦਰਾ ਕਰਨ ਲਈ ਬੁਲਾਇਆ ਗਿਆ ਹੈ ਪਰ ਨਾਲ ਹੀ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਸਿਆਸੀ ਧੜਾ ਮੀਟਿੰਗ ਵਿੱਚ ਸ਼ਾਮਲ ਨਾ ਹੋਵੇ। ਸਿਰਫ਼ ਧਾਰਮਿਕ ਜਥੇਬੰਦੀਆਂ ਨੂੰ ਹੀ ਆਉਣ ਦਾ ਸੱਦਾ ਦਿੱਤਾ ਗਿਆ ਹੈ।