ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ ਕਾਬਜ਼ ਹੋਣ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਕਰੜੀ ਆਲੋਚਨਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਹਥਿਆਉਣ ਲਈ ਅੱਜ ਪੰਥ ਵਿਰੋਧੀ ਤਾਕਤਾਂ ਵੱਲੋਂ ਕੋਝੇ ਹੱਥਕੰਡੇ ਅਪਨਾਏ ਜਾ ਰਹੇ ਹਨ, ਜਿਨ੍ਹਾਂ ਪ੍ਰਤੀ ਖਾਲਸਾ ਪੰਥ ਨੂੰ ਇਕਜੁਟਤਾ ਨਾਲ ਸੁਚੇਤ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਤਿਹਾਸ ਅੰਦਰ ਸਿੱਖਾਂ ਨੇ ਬੜੇ ਔਖੇ ਸਮੇਂ ਵੀ ਵੇਖੇ, ਪਰ ਅਜਿਹਾ ਕਦੇ ਨਹੀਂ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਮੈਂਬਰਾਂ ਨੂੰ ਪੈਸੇ ਨਾਲ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ, ਆਪ, ਆਰਐਸਐਸ ਅਤੇ ਪੰਥ ਵਿਰੋਧੀ ਸ਼ਕਤੀਆਂ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਕਾਲੀ ਦਲ ਦੇ ਉਮੀਦਵਾਰ ਦੇ ਖਿਲਾਫ਼ ਭੁਗਤਣ ਲਈ ਤਰ੍ਹਾਂ ਤਰ੍ਹਾਂ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਾਂਝਾਂ ਰੱਖਣ ਵਾਲੇ ਲੋਕ ਵੀ ਇਕ ਧੜੇ ਦੀ ਮਦਦ ਲਈ ਜ਼ੋਰ ਲਗਾ ਰਹੇ ਹਨ। ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਤੇ ਹਰਿਆਣਾ ਕਮੇਟੀ ਆਦਿ ਸਿੱਖ ਸੰਸਥਾਵਾਂ ਦੀ ਉਦਾਹਰਣ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਸਿੱਖ ਸੰਸਥਾਵਾਂ ’ਤੇ ਪਹਿਲਾਂ ਹੀ ਭਾਜਪਾ ਤੇ ਆਰਐਸਐਸ ਵੱਲੋਂ ਸਰਕਾਰੀ ਦਖ਼ਲ ਨਾਲ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹੁਣ ਪੰਥ ਵਿਰੋਧੀਆਂ ਵੱਲੋਂ ਪੰਜਾਬ ਅੰਦਰਲੇ ਤਖ਼ਤ ਸਾਹਿਬਾਨ ਅਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਵੀ ਆਪਣੇ ਅਨੁਸਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਖਾਲਸਾ ਪੰਥ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੂੰ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਬੀਤੇ ਦਿਨੀਂ ਉਨ੍ਹਾਂ ਨੂੰ ਕਮਜ਼ੋਰ ਪ੍ਰਧਾਨ ਕਹੇ ਜਾਣ ਦੇ ਪ੍ਰਤੀਕਰਮ ਵਜੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ ਅਤੇ ਨਿਮਰਤਾ ਨਾਲ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਜੇਕਰ ਕਿਸੇ ਨੂੰ ਇਹ ਕਮਜ਼ੋਰੀ ਲਗਦੀ ਹੈ ਤਾਂ ਇਹ ਉਸਦੀ ਆਪਣੀ ਬੌਧਿਕਤਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਭਾਅ ਨਹੀਂ ਛੱਡ ਸਕਦੇ ਤੇ ਹਰ ਇਕ ਦਾ ਸਤਿਕਾਰ ਕਰਨਾ ਨਹੀਂ ਤਿਆਗ ਸਕਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਰੇ ਮੈਂਬਰਾਂ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਨੂੰ ਦ੍ਰਿੜ੍ਹਤਾ ਨਾਲ ਜਵਾਬ ਦੇਣ ਅਤੇ ਅਡੋਲ ਰਹਿ ਕੇ ਪੰਥਕ ਭਾਵਨਾ ਦੀ ਤਰਜ਼ਮਾਨੀ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਬਚਨ ਸਿੰਘ ਕਰਮੂੰਵਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ,  ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।