ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ 10 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ : ਡਾ. ਢਿਲੋਂ

ਗੁਰਦਾਸਪੁਰ, 4 ਸਤੰਬਰ :  ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ’ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ’ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ’ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।