ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ

  • ਕਿਹਾ, ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ

ਗੁਰਦਾਸਪੁਰ, 3 ਜੁਲਾਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚਾਵਲ ਉਤਪਾਦਕਾਂ ਦੇ ਹਿੱਤ ਵਿਚ ਨਹੀਂ ਹੈ। ਉਨਾਂ ਕਿਹਾ ਕਿ ਐਸੀਫੇਟ, ਕਲੋਰੋਪਾਇਰੀਫਾਸ, ਥਿਇਆਥਿਮੌਕਸਮ, ਕਾਰਬੈਂਡਾਜਿਮ, ਟ੍ਰਾਈਸਾਈਕਲਾਜੋਲ, ਬੁਪਰੋਫੇਜਿਨ, ਪ੍ਰੋਫੀਨੋਫੋਸ, ਪ੍ਰੋਪੀਕੋਨਾਜੋਲ, ਆਈਸੋਪ੍ਰੋਥਾਇਓਲੇਨ, ਅਤੇ ਮੀਥਾਮੀਡੋਫੋਸ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰ, ਵੰਡ ਤੇ ਵਰਤੋਂ ਚਾਵਲ ਖਾਸ ਕਰਕੇ ਬਾਸਮਤੀ ਚਾਵਲ ਦੇ ਨਿਰਯਾਤ ਤੇ ਖਪਤ ਵਿਚ ਸੰਭਾਵੀ ਰੁਕਾਵਟਾਂ ਬਣ ਰਹੀਆਂ ਸਨ। ਉਨਾਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ’ਤੇ ਪੰਜਾਬ ਵਿਚ ਅਗਲੇ 2 ਮਹੀਨਿਆਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ, ਤਾਂ ਜੋ ਵਧੀਆ ਗੁਣਵੱਤਾ ਵਾਲੇ ਬਾਸਮਤੀ ਚਾਵਲ ਪੈਦਾ ਕੀਤੇ ਜਾ ਸਕਣ। ਉਨਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨਾ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚਾਵਲ ਵਿਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮ.ਆਰ.ਐਲ.) ਤੋਂ ਵੱਧ ਕੀਟਨਾਸ਼ਕ ਦੀ ਰਹਿੰਦ-ਖੂੰਹਦ ਦਾ ਖਤਰਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪਾਬੰਦੀਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਨਾ ਕਰਨ ਬਲਕਿ ਇਨਾਂ ਦੀ ਥਾਂ ’ਤੇ ਖੇਤੀ ਮਾਹਿਰਾਂ ਵੱਲੋਂ ਸਿਫ਼ਾਰਸ਼ਸ਼ੁਦਾ ਦਵਾਈਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜਿਹੜਾ ਵੀ ਕੀਟਨਾਸ਼ਕ ਵੇਚਣ ਵਾਲਾ ਦੁਕਾਨਦਾਰ ਇਹ ਪਾਬੰਦੀਸ਼ੁਦਾ ਕੀਟਨਾਸ਼ਕ ਵੇਚੇਗਾ ਉਸ ਖਿਲਾਫ ‘ਦਾ ਇਨਸੈਕਟੀਸਾਈਡ ਐਕਟ 1968 ਦੀ ਧਾਰਾ 27 ਦੇ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਤਹਿਤ ਤਿੰਨ ਸਾਲ ਦੀ ਕੈਦ ਅਤੇ 75000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।