ਪੰਜਾਬ ਦੀਆਂ 117 ਵਿਧਾਨ ਸਭਾ ਅਤੇ 13 ਲੋਕ ਸਭਾ ਸੀਟਾਂ ਤੇ ਚੋਣ ਲੜੇਗੀ ਭਾਜਪਾ : ਪ੍ਰਧਾਨ ਅਸ਼ਵਨੀ ਸ਼ਰਮਾਂ

ਅੰਮ੍ਰਿਤਸਰ 29 ਦਸੰਬਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਵੱਲੋਂ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ|ਜਿਸਦੇ ਚੱਲਦੇ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਹਰਵਿੰਦਰ ਸਿੰਘ ਸੰਧੂ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਸੰਧੂ ਦੀ ਅੱਜ ਤਾਜਪੋਸ਼ੀ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ| ਉਨ੍ਹਾਂ ਨੇ ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਦੀ ਤਾਜਪੋਸ਼ੀ ਕੀਤੀ| ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਲੇਕਿਨ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਅੱਜ ਵੀ ਭਾਜਪਾ ਦੇ ਵਿਚ ਸ਼ਾਮਲ ਹੋ ਰਹੇ ਹਨ|ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਵੱਡੇ ਨੇਤਾ ਪਰਮਜੀਤ ਸਿੰਘ ਬੱਤਰਾ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ| ਉਹਨਾਂ ਕਿਹਾ ਕਿ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਜਿੰਨੇ ਵੀ ਨੇਤਾ ਭਾਜਪਾ ਦੇ ਵਿੱਚ ਸ਼ਾਮਲ ਹੋ ਰਹੇ ਹਨ, ਉਹ ਬਿਨਾਂ ਕਿਸੇ ਸ਼ਰਤ ਤੋਂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ| ਕਦੇ ਪਹਿਲਾਂ ਭਾਜਪਾ ਪੰਜਾਬ ਵਿੱਚ 23 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਦੀ ਸੀ ਅਤੇ ਹੁਣ ਭਾਜਪਾ ਪੰਜਾਬ ਦੇ ਵਿੱਚ 117 ਵਿਧਾਨ ਸਭਾ ਸੀਟਾਂ ਦੇ ਉਪਰ ਚੋਣ ਲੜੇਗੀ ਅਤੇ ਮੈਂਬਰ ਪਾਰਲੀਮੈਂਟ ਦੀਆਂ 13 ਸੀਟਾ ਤੇ ਵੀ ਭਾਜਪਾ ਚੋਣ ਲੜੇਗੀ| ਇਸੇ ਨਾਲ ਹੀ ਮਾਨ ਸਰਕਾਰ ‘ਤੇ ਤੰਜ ਕੱਸਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਸੁੱਤੀ ਹੋਈ ਨਜ਼ਰ ਆ ਰਹੀ ਹੈ ਅਤੇ 2027 ਦੇ ਵਿੱਚ ਪੰਜਾਬ ਵਿੱਚ ਭਾਜਪਾ ਬਹੁਮਤ ਆਪਣੀ ਸਰਕਾਰ ਬਣਾਏਗੀ|