ਬੀਬੀ ਕੌਲਾਂ ਭਲਾਈ ਕੇਂਦਰ ਨੂੰ ਕੈਬਨਿਟ ਮੰਤਰੀ ਡਾ. ਨਿੱਜਰ ਨੇ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 17 ਅਪ੍ਰੈਲ : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਇਨਾਮ ਵੰਡ ਸਮੇਂ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕਰਨਾ ਚਾਹੀਦਾ ਹੈ। ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ। ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਦੁਆਰਾ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ. ਅਤੇ ਸੀ.ਟੀ.ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤੀ ਅਤੇ ਮੌਕੇ ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਜੀ ਨੂੰ ਸੌਂਪਦਿਆਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਇਸ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ। ਡਾ. ਨਿੱਜਰ ਨੇ ਕਿਹਾ ਕਿ ਜੇਕਰ ਕੋਈ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ।ਇਸ ਮੌਕੇ ਓ.ਐਸ.ਡੀ. ਮਨਪ੍ਰੀਤ ਸਿੰਘ, ਸ: ਹਰਿੰਦਰ ਸਿੰਘ, ਸ: ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਭਾਈ ਗੁਰਇਕਬਾਲ ਸਿੰਘ ਜੀ ਨੂੰ 5 ਲੱਖ ਰੁਪਏ ਦਾ ਚੈਕ ਸੌਂਪਦੇ ਹੋਏ।