ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

  • ਵਿਧਾਇਕ ਸ਼ੈਰੀ ਕਲਸੀ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵੀ ਰਹੇ ਮੋਜੂਦ
  • ਕਿਸਾਨਾਂ ਦੇ ਖਾਤਿਆਂ ਵਿੱਚ 2352 ਕਰੋੜ ਰੁਪਏ ਦੀ ਕੀਤੀ ਅਦਾਇਗੀ

ਬਟਾਲਾ, 15  ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1854 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈਟ ਅਤੇ ਹੁਣ ਤਕ ਕਿਸਾਨਾਂ ਦੇ ਖਾਤਿਆਂ ਵਿੱਚ 2352 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ, ਅਭਿਸ਼ੇਕ ਵਰਮਾ ਤਹਿਸੀਲਦਾਰ, ਐਕਸੀਅਨ ਬਲਦੇਵ ਸਿੰਘ, ਜਿਲਾ ਮੰਡੀ ਅਫਸਰ ਕੁਲਜੀਤ ਸਿੰਘ, ਸ੍ਰੀਮਤੀ ਡੇਜ਼ੀ ਮਹਿਤਾ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ  ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ, ਦੁਸ਼ਿਹਰਾ ਤੇ ਵਿਸਾਖੀ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਮਾਨ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਕੀਤੇ ਪ੍ਰਬੰਧਾਂ ਕਰਨ ਹੁਣ ਤੱਕ  2352  ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਤੱਕ 21 ਲੱਖ ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 20 ਲੱਖ ਮੀਟਰਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।