ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨਛੋਹ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ 

  • ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ
  • ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਧਾਮੀ 

ਦੀਨਾਨਗਰ, 17 ਜੁਲਾਈ : ਕਸਬਾ ਬਹਿਰਾਮਪੁਰ ਵਿੱਚ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨਛੋਹ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਸੇ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। ਗੁਰਦੁਆਰਾ ਸਾਹਿਬ ਵਿਖੇ ਕੁਝ ਉਸਾਰੀ ਦਾ ਕੰਮ ਚੱਲ ਰਿਹਾ ਹੈ ਪਰ ਸੋਮਵਾਰ ਨੂੰ ਕਿਸੇ ਕਾਰਨ ਕਰਕੇ ਇਹ ਕੰਮ ਬੰਦ ਕਰ ਦਿੱਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਕਾਰਸੇਵਾ ਲਈ ਆਏ ਨੌਜਵਾਨ ਹਾਜ਼ਰ ਸਨ। ਜਿਨ੍ਹਾਂ ਦੱਸਿਆ ਕਿ ਸਵੇਰੇ 11.30 - 12.00 ਵਜੇ ਦੇ ਕਰੀਬ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ। ਉਸ ਨੇ ਸਿਰ 'ਤੇ ਰੁਮਾਲ ਬੰਨ੍ਹਿਆ ਹੋਇਆ ਸੀ ਅਤੇ ਚਿਹਰੇ 'ਤੇ ਹਲਕੀ ਦਾੜ੍ਹੀ ਸੀ, ਸਿਰ ਦੇ ਵਾਲ ਕੱਟੇ ਹੋਏ ਸਨ। ਉਹ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ ਅਤੇ ਥੋੜ੍ਹੀ ਦੇਰ ਵਿਚ ਬਾਹਰ ਆ ਗਿਆ। ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਥੋੜੀ ਦੇਰ ਬਾਅਦ ਜਦੋਂ ਉਹ ਗੁਰਦੁਆਰਾ ਸਾਹਿਬ ਅੰਦਰ ਬੈਠਣ ਲਈ ਗਏ ਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੁਮਾਲਾ ਸਾਹਿਬ ਸਾਈਡ ’ਤੇ ਪਿਆ ਸੀ ਅਤੇ ਗ੍ਰੰਥ ਸਾਹਿਬ ਜੀ ਦੇ ਅੰਗ ਪਾਟੇ ਪਏ ਸਨ, ਜੋ ਕਿਨਾਰੇ 'ਤੇ ਖਿੱਲਰੇ ਪਏ ਸਨ। ਜਦੋਂ ਜਾਂਚ ਕੀਤੀ ਗਈ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਵਿੱਤਰ ਅੰਗ ਫਟੇ ਮਿਲੇ। ਉਨ੍ਹਾਂ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਆ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ।  ਦੱਸ ਦੇਈਏ ਕਿ ਗੁਰਦੁਆਰੇ ਦੇ ਕੈਮਰੇ ਇਸ ਸਮੇਂ ਕੰਮ ਨਹੀਂ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਪੁਲਿਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਜੋਗਾ ਸਿੰਘ ਵੱਲੋਂ ਬੇਅਦਬੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਥਾਣਾ ਬਹਿਰਾਮਪੁਰ ਨੂੰ ਸੂਚਨਾ ਦੇਣ 'ਤੇ ਦੀਨਾਨਗਰ ਦੇ ਐਸ.ਐਸ.ਪੀ ਡਾ: ਵਾਰਿਸ, ਡੀ.ਐਸ.ਪੀ ਸੁਖਪਾਲ ਸਿੰਘ ਸਮੇਤ ਭਾਰੀ  ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਅਤੇ ਗੁਰਦੁਆਰਾ ਬਾਰਠ ਦੇ ਹੈੱਡ ਗ੍ਰੰਥੀ ਸਰਬਜੀਤ ਸਿੰਘ ਦੀ ਵਿਸ਼ੇਸ਼ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। 

ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ 
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ। ਜਿਸ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਇਹ ਕੋਈ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ। ਸਿੰਘ ਸਾਹਿਬ ਜੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਸਖਤ ਕਾਰਵਾਈ ਕਰਦਿਆਂ ਹੋਇਆ ਅਜਿਹੇ ਸਾਜਿਸ਼ ਕਰਤਾ ਅਤੇ ਘਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਪਰਦ ਕਰੇ ਤਾਂ ਜੋ ਕੋਈ ਐਸੀਆਂ ਘਟਨਾਵਾਂ ਨੂੰ ਦੁਬਾਰਾ ਕਰਨ ਦੀ ਹਿੰਮਤ ਨਾ ਕਰੇ। ਸਿੰਘ ਸਾਹਿਬ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਹਰ ਵੇਲੇ ਇੱਕ ਸਿੰਘ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਤਾਇਨਾਤ ਰਹੇ।

ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਧਾਮੀ
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿਖੇ ਵਾਪਰੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਥਾਵਾਂ ’ਤੇ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੋ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੋਂ ਪਰਦਾ ਚੁੱਕਿਆ ਜਾ ਸਕੇ।