ਮੁੱਖ ਮੰਤਰੀ ਮਾਨ ਦੇ ਰਾਜ ਭਾਸ਼ਾ ਪੰਜਾਬੀ ਨੂੰ ਪੰਜਾਬ ਵਿੱਚ ਪਹਿਲ ਦੇਣ ਦੇ ਹੁਕਮਾਂ ਨੂੰ ਮੈਡੀਕਲ ਸੰਸਥਾਵਾਂ ਵਿੱਚ ਵੀ ਮਿਲ ਰਿਹਾ ਭਰਵਾਂ ਹੁੰਗਾਰਾ : ਜ਼ਿਲ੍ਹਾ ਭਾਸ਼ਾ ਅਫ਼ਸਰ 

ਅੰਮ੍ਰਿਤਸਰ, 08 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪਹਿਲ ਦੇਣ, ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਅਤੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ ਵਿੱਚ ਪਹਿਲ ਕਰਨ ਦੇ ਫ਼ੈਸਲੇ ਦੀ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੈਡੀਕਲ ਸੰਸਥਾਵਾਂ ਵਿੱਚ ਵੀ ਪਹਿਲ ਦੇ ਅਧਾਰ ‘ਤੇ ਪਾਲਣਾ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਵਿੱਚ ਕੀਤੇ ਕੰਮ-ਕਾਜ ਦੇ ਨਿਰੀਖਣ ਹਿਤ ਉਨਾਂ ਨੇ ਸਥਾਨਿਕ ਸ੍ਰੀ ਗੁਰੂ ਨਾਨਕ ਹਸਪਤਾਲ, ਈ.ਐੱਸ. ਆਈ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕਰਦਿਆਂ ਵੇਖਿਆ ਕਿ ਉਨ੍ਹਾਂ ਦਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਹੀ ਸੀ ਅਤੇ ਬੋਰਡ ਤੇ ਨਾਮ-ਪੱਟੀਆਂ ਵੀ ਪਹਿਲ ਦੇ ਅਧਾਰ ‘ਤੇ ਪੰਜਾਬੀ ਭਾਸ਼ਾ ਵਿੱਚ ਸਨ। ਇਸ ਸਬੰਧੀ ਡਾ. ਕਲਸੀ ਨੇ ਦੱਸਿਆ ਕਿ ਉਨ੍ਹਾਂ ਨੇ ਈ.ਐੱਸ.ਆਈ ਹਸਪਤਾਲ [ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ ਮੰਡਲ ਦੇ ਡਿਪਟੀ ਡਾਇਰੈਕਟਰ ਡਾ. ਕਰਮਜੀਤ ਕੌਰ, ਸ੍ਰੀ ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਅਤੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਨਾਲ ਨਿੱਜੀ ਮੁਲਾਕਾਤ ਕਰਕੇ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਇਸ ਦਾ ਉਸਾਰੂ ਹੁੰਗਾਰਾ ਦਿੱਤਾ ਗਿਆ। ਇਸ ਉਪਰੰਤ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਡਾ. ਰਾਜੀਵ ਦੇਵਗਨ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਸ਼ਮੂਲੀਅਤ ਨਾਲ ਸਰਕਾਰੀ ਮੈਡੀਕਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਪ੍ਰੋਫ਼ੈਸਰ ਸਾਹਿਬਾਨ, ਐਸੋਸੀਏਟ ਪ੍ਰੋਫ਼ੈਸਰਜ਼ ਅਤੇ ਡਾਕਟਰ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਦਫ਼ਤਰੀ ਪਹਿਲਕਦਮੀ ਕਰਨ ਦੇ ਨਾਲ-ਨਾਲ ਮੈਡੀਕਲ ਵਿਸ਼ੇ ਦੇ ਵਿਦਿਆਰਥੀਆਂ ਵਿੱਚ ਭਾਸ਼ਾ ਅਤੇ ਸਾਹਿਤ ਪ੍ਰਤੀ ਸਿਰਜਣਾਤਮਕ ਰੁਚੀਆਂ ਪੈਦਾ ਕਰਨ ਦੀ ਚਰਚਾ ਵੀ ਕੀਤੀ ਗਈ, ਜਿਸ ‘ਤੇ ਸੰਸਥਾ ਡਾਇਰੈਕਟਰ ਡਾ. ਰਾਜੀਵ ਦੇਵਗਨ ਵੱਲੋਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ\ਮਾਂ-ਬੋਲੀ ਦੀ ਮਹਾਨਤਾ ਦੇ ਲੈਕਚਰ ਕਰਵਾਉਣ ਅਤੇ ਸਿਰਜਣਾਤਮਕ ਰੁਚੀਆਂ ਨੂੰ ਉਤਪੰਨ ਕਰਨ ਲਈ ਸਾਹਿਤਕ ਸਮਾਰੋਹ ਕਰਵਾਉਣ ਦੀ ਸਹਿਮਤੀ ਵੀ ਦਿੱਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ ਅਨੁਸਾਰ ਦੌਰੇ ਅਧੀਨ ਮੈਡੀਕਲ ਸਿੱਖਿਆ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਦਫ਼ਤਰੀ ਕੰਮ-ਕਾਜ ਅਤੇ ਬੋਰਡ ਤੇ ਨਾਮ-ਪੱਟੀਆਂ ਦਾ ਕਾਰਜ ਸਲਾਹੁਣਯੋਗ ਸੀ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਰਚਨਾ ਬਾਛਲ, ਡਾ. ਜੇ ਐੱਸ ਕੁਲਾਰ, ਡਾ. ਮਰਿਦੂ ਗੁਪਤਾ, ਮੈਡੀਕਲ ਕਾਲਜ ਦੇ ਦੇ ਸੀਨੀਅਰ ਪ੍ਰੋਫ਼ੈਸਰ ਮੁਖੀ ਸਾਹਿਬਾਨ, ਸੰਸਥਾ ਦੇ ਯੂਨਿਟ ਇੰਚਾਰਜ, ਤਜਿੰਦਰ ਸਿੰਘ ਸੁਪਰਡੈਂਟ, ਡਾਇਰੈਕਟਰ ਪੀ.ਏ. ਅਰੁਣ ਭਾਗੀ ਤੇ ਹੋਰ ਡਾਕਟਰ ਸਾਹਿਬਾਨ ਹਾਜ਼ਰ ਸਨ।