ਰਾਜ ਦੇ ਲੋਕਾਂ ਨੂੰ ਨੇੜਲੇ ਸੇਵਾ ਕੇਂਦਰਾਂ ਰਾਹੀਂ ਨਿਰਧਾਰਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਨਾਗਰਿਕ ਸੇਵਾਵਾਂ : ਕੈਬਨਿਟ ਮੰਤਰੀ ਈਟੀਓ

  • ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਵਿਖੇ ਨਵੇਂ ਸ਼ੂਰੂ ਕੀਤੇ ਗਏ ਸੇਵਾ ਕੇਂਦਰ ਦਾ ਕੀਤਾ ਉਦਘਾਟਨ
  • ਗੰਡੀਵਿੰਡ-ਚੀਮਾ ਅਤੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਰੱਖਿਆ ਨੀਂਹ ਪੱਥਰ

ਤਰਨ ਤਾਰਨ, 25 ਅਗਸਤ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਨੇੜਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਨਿਰਧਾਰਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ 50 ਫੀਸਦੀ ਸਟਾਫ਼ ਨਾਲ ਖੁੱਲੇ ਰੱਖਣ ਦਾ ਫੈਸਲਾ ਲਾਗੂ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਵਿਖੇ ਨਵੇਂ ਸ਼ੂਰੂ ਕੀਤੇ ਗਏ ਸੇਵਾ ਕੇਂਦਰ ਦਾ ਉਦਘਾਟਨ ਕਰਦਿਆਂ ਕੀਤਾ।ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਦਲਬੀਰ ਸਿੰਘ ਟੌਂਗ ਅਤੇ ਐੱਸ. ਈ. ਪੀ. ਡਬਲਯੂ .ਡੀ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।ਇਸ ਮੌਕੇ ਉਹਨਾਂ ਪਿੰਡ ਮੀਆਂਵਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਤੋਂ ਪਹਿਲਾ 21 ਸੇਵਾ ਕੇਂਦਰ ਲੋਕਾਂ ਨੰੁ ਨਾਗਰਿਕ ਸੇਵਾਵਾਂ ਮੁਹੱਈਆ ਕਰਵਾ ਰਹੇ ਸਨ, ਹੁਣ ਇਹ ਗਿਣਤੀ ਵਧ ਕੇ 22 ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤਾਂ ਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਆਗਾਮੀ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾ ਹੀ ਐਲਾਨ ਕੀਤਾ ਗਿਆ ਹੈ ਕਿ ਸਰਬ ਸੰਮਤੀ ਨਾਲ ਬਣਨ ਵਾਲੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦਿੱਤੀ ਜਾਵੇਗੀ।ਇਸ ਮੌਕੇ ਉਹਨਾਂ ਹਲਕਾ ਬਾਬਾ ਬਕਾਲਾ ਵਿੱਚ ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਵੀ 5 ਲੱਖ ਰੁਪਏ ਦੀ ਵਿਸ਼ੇਸ ਵਿੱਤੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾ ਉਹਨਾਂ ਲੱਗਭੱਗ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ।ਉਹਨਾਂ ਦੱਸਿਆ ਕਿ 5.22 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਜਾਈ ਦੀ ਸਹੂਲਤ ਹੋਵੇਗੀ। ਇਸ ਉਪਰੰਤ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਗੰਡੀਵਿੰਡ-ਚੀਮਾ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ।ਇਹ ਸੜਕ ਗੰਡੀਵਿੰਡ ਨੂੰ ਚੀਮਾ ਪਿੰਡ ਨਾਲ ਜੋੜਦੀ ਹੈ। ਲੱਗਭੱਗ 4 ਕਿਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ‘ਤੇ ਲੱਗਭੱਗ 1 ਕਰੋੜ 38 ਲੱਖ 15 ਹਜ਼ਾਰ ਰੁਪਏ ਦੀ ਲਾਗਤ ਆਵੇਗੀ।ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਲਿਜਾਣ ਦੀ ਸਹੂਲਤ ਮਿਲੇਗੀ।ਇਸ ਸੜਕ ਨੂੰ ਬਣਾਉਣ ਤੋਂ ਬਾਅਦ ਸਬੰਧਿਤ ਠੇਕੇਦਾਰ ਵੱਲੋਂ ਹੀ 5 ਸਾਲ ਤੱਕ ਰੱਖ-ਰਖਾਵ ਦਾ ਕੰਮ ਕੀਤਾ ਜਾਵੇਗਾ।