ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ

  • ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕੀਤੀ ਜਾਵੇਗੀ ਕਾਰਵਾਈ

ਤਰਨ ਤਾਰਨ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਭਾਰਤੀ ਚੋਣ ਕਮਿਸ਼ਨ ਨੇ ਸੀ-ਵਿਜ਼ਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ  ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੱਕ ਲੈਂਦੀ ਹੈ, ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਐਪ ’ਤੇ ਸਿਰਫ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ’ਤੇ ਨਾ ਭੇਜੀਆਂ ਜਾਣ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲਾ ਪੱਧਰੀ ਚੋਣ ਕੰਟਰੋਲ ਰੂਮ ਨੰਬਰ 01852-224115 ਤੋਂ ਇਲਾਵਾ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।