ਡਿਪਟੀ ਕਮਿਸ਼ਨਰ ਨੇ ਪਿੰਡ ਘੁੱਲਾ ਵਿਖੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਸਟੋਰੇਜ਼ ਲਈ ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ

  • ਅਗਲੇ 6 ਮਹੀਨੇ ਦੇ ਅੰਦਰ-ਅੰਦਰ ਵੇਅਰਹਾਊਸ ਦੀ ਉਸਾਰੀ ਮੁਕੰਮਲ ਹੋਵੇਗੀ

ਗੁਰਦਾਸਪੁਰ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਤਹਿਸੀਲ ਦੀਨਾਨਗਰ ਦੇ ਪਿੰਡ ਘੁੱਲਾ ਦੀ ਪੰਚਾਇਤੀ ਜ਼ਮੀਨ ’ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ (ਗੁਦਾਮ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸ. ਮਨਜਿੰਦਰ ਸਿੰਘ ਬਾਜਵਾ ਤਹਿਸੀਲਦਾਰ (ਚੋਣਾਂ), ਸ੍ਰੀ ਤਰਸੇਮ ਲਾਲ ਤਹਿਸੀਲਦਾਰ ਦੀਨਾਨਗਰ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ, ਐੱਸ.ਡੀ.ਓ. ਲਵਜੀਤ ਸਿੰਘ, ਸ੍ਰੀ ਸੁਨੀਲ ਚੋਣ-ਕਾਨੂੰਗੋ ਵੀ ਹਾਜ਼ਰ ਸਨ। ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ ਦਾ ਨੀਂਹ ਪੱਥਰ ਰੱਖਣ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਵੇਅਰਹਾਊਸ ਦੀ ਬਹੁਤ ਜ਼ਰੂਰਤ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਵੇਅਰਹਾਊਸ ਦੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ ਅਤੇ ਅਗਲੇ 6 ਮਹੀਨੇ ਦੇ ਅੰਦਰ-ਅੰਦਰ ਇਸਦੀ ਉਸਾਰੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਦੇ ਅਧਿਕਾਰੀਆਂ ਅਤੇ ਵੇਅਰਹਾਊਸ ਦੀ ਉਸਾਰੀ ਕਰਨ ਵਾਲੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਾਲ ਕੰਮ ਦੀ ਗੁਣਵਤਾ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਦਿਲਚਸਪੀ ਲੈ ਕੇ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ।