ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਨਾਲ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ

ਤਰਨ ਤਾਰਨ, 08 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਬਲਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਅਧਿਕਾਰੀ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਹੜ੍ਹ ਰੋਕੂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀਆਂ, ਬੀ. ਡੀ. ਪੀ. ਓਜ਼ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ, ਜਿੱਥੇ ਪਾਣੀ ਇਕੱਠਾ ਹੁੰਦਾ ਹੈ ਅਤੇ ਉਥੇ ਪਾਣੀ ਦੀ ਸੁਚਾਰੂ ਨਿਕਾਸੀ ਨੂੰ ਯਕੀਨੀ ਬਣਾਉਣ।ਉਹਨਾਂ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਮੀਂਹ ਦੇ ਮੌਸਮ ਦੇ ਚੱਲਦੇ ਉਹ ਚੌਕਸੀ ਰੱਖਣ ਅਤੇ ਕਿਤੇ ਵੀ ਸੀਵਰੇਜ ਜਾਮ ਨਾ ਹੋਣ ਦਿੱਤਾ ਜਾਵੇ ਅਤੇ ਬਾਰਿਸ਼ ਦੌਰਾਨ ਤੇਜ਼ੀ ਨਾਲ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਵਿਭਾਗ ਇਕਜੁੱਟ ਹੋ ਕੇ ਅਤੇ ਤਾਲਮੇਲ ਨਾਲ ਕੰਮ ਕਰਨ ਅਤੇ ਸਮੂਹ ਅਧਿਕਾਰੀਆਂ ਸੌਂਪੀ ਗਈ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫ਼ੋਨ ਬੰਦ ਨਹੀਂ ਹੋਣਾ ਚਾਹੀਦਾ।ਉਹਨਾਂ ਕਿਹਾ ਕਿ ਭਾਰੀ ਮੀਂਹ ਦੇ ਚੱਲਦੇ ਕੋਈ ਵੀ ਮਾਲ ਅਧਿਕਾਰੀ ਬਿਨ੍ਹਾਂ ਆਗਿਆ ਤੋਂ ਸਥਾਨ ਛੱਡ ਕੇ ਨਹੀਂ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਗੇਤੇ ਪ੍ਰਬੰਧਾਂ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਜਿੱਥੇ ਡਾਕਟਰਾਂ ਦੀ ਡਿਊਟੀ ਹੁੰਦੀ ਹੈ, ਉੱਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਦੀ ਸਥਿਤੀ ਲਈ ਵਰਤੀਆਂ ਜਾਣ ਵਾਲੀਆਂ ਕਿਸ਼ਤੀਆਂ, ਲਾਈਫ ਜੈਕਟਾਂ ਅਤੇ ਮਸ਼ੀਨਰੀ ਦੀ ਅਗਾਊਂ ਜਾਂਚ ਕਰਨ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਵਰਗੀ ਸਥਿਤੀ ਦੌਰਾਨ ਪਸ਼ੂਆਂ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਕਿਹਾ ਕਿ ਪਿੰਡਾਂ ਵਿੱਚ ਮਿਹਨਤੀ ਲੋਕਾਂ ਦੀ ਸ਼ਨਾਖਤ ਕਰਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਦੀ ਚੋਣ ਕੀਤੀ ਜਾਵੇ ਤਾਂ ਜੋ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਉਨ੍ਹਾਂ ਤੋਂ ਸਹਿਯੋਗ ਲਿਆ ਜਾ ਸਕੇ।