- ਅਧਿਕਾਰੀਆਂ ਨੂੰ ਮਿਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੀ ਕੀਤੀ ਹਦਾਇਤ : ਡਿਪਟੀ ਕਮਿਸ਼ਨਰ
ਪਠਾਨਕੋਟ, 30 ਮਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ । ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸੁਖਚੈਨ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਜਿੰਦਰ ਸਿੰਘ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਉਹ ਵਿਕਾਸ ਕਾਰਜਾਂ ਲਈ ਮਿਲੇ ਫੰਡਾਂ ਨੂੰ ਨਿਰਧਾਰਤ ਸਮੇਂ ਵਿੱਚ ਖਰਚ ਕਰਕੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਹੋਰ ਫੰਡਜ਼ ਮੁਹੱਈਆ ਕਰਵਾਏ ਜਾ ਸੱਕਣ। ਉਨ੍ਹਾਂ ਨੇ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੀ ਮਿਣਤੀ ਕਰਵਾਉਣ ਲਈ ਸਡਿਊਲ ਬਣਾ ਕੇ ਵਧੀਕ ਡਿਪਟੀ ਕਮਿਸ਼ਨਰ ਨਾਲ ਸਾਂਝਾ ਕਰਨ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਵੀ ਦੇਣ ਤਾਂ ਜੋ ਵਰਤੋਂ ਸਰਟੀਫਿਕੇਟ ਦੀ ਪਡੈਂਸੀ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਤਿਆਰੀ ਕਰਕੇ ਮੀਟਿੰਗ ਵਿੱਚ ਆਉਣ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਗਏ ਹਨ ਉਨ੍ਹਾਂ ਦੀਆਂ ਫੋਟੋਆਂ ਅਤੇ ਮੁਕੰਮਲ ਵੇਰਵਾਂ ਵੀ ਉਨ੍ਹਾਂ ਨੂੰ ਦਿੱਤਾ ਜਾਵੇ। ਮੀਟਿੰਗ ਵਿੱਚ ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਿੰਕ ਸੜਕਾਂ ਦੀ ਨਵ–ਉਸਾਰੀ ਅਤੇ ਮੁਰੰਮਤ ਦਾ ਕੰਮ ਪ੍ਰਗਤੀ ਅਧੀਨ ਹੈ ਜੋ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਿਥੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗ ਨੂੰ ਭੇਜ ਦੇਣਗੇ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਗਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਕਰਵਾਉਣ ਅਤੇ ਪਿੰਡ ਵਿੱਚ ਦਿਹਾੜੀਦਾਰਾਂ ਨੂੰ ਮਗਨਰੇਗਾ ਅਧੀਨ ਰੋਜ਼ਗਾਰ ਦੇਣ।