ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਡਿਪਟੀ ਕਮਿਸ਼ਨਰ ਨੇ ਵਰ੍ਹਦੇ ਮੀਂਹ ਵਿੱਚ ਲਿਆ ਜਾਇਜ਼ਾ

ਤਰਨ ਤਾਰਨ, 08 ਜੁਲਾਈ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਕਾਰਨ  ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਪਾਣੀ ਖੇਤਾਂ ਵਿੱਚ ਭਰ ਜਾਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅੱਜ ਸਵੇਰੇ ਵਰ੍ਹਦੇ ਮੀਂਹ ਵਿੱਚ ਕਸਬਾ ਝਬਾਲ ਪਹੁੰਚੇ। ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਮਾਲ ਤੇ ਡਰੇਨ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਭਾਰੀ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਅਤੇ ਡਰੇਨ ਵਿੱਚ ਉੱਗੀ ਬੂਟੀ ਦਾ ਜਾਇਜਾ ਲੈਂਦਿਆਂ ਕਿਹਾ ਕਿ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਦੇ ਕਾਰਨਾਂ ਦਾ ਸਬੰਧਿਤ ਮਹਿਕਮੇ ਵੱਲੋਂ ਪਤਾ ਲਗਾ ਕੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਡਾ ਝਬਾਲ ਵਿੱਚ ਦੁਕਾਨਦਾਰਾਂ ਵੱਲੋਂ ਡਰੇਨ ਦੀ ਜਗ੍ਹਾ ‘ਤੇ ਕੀਤੇ ਗਏ ਕਬਜ਼ਿਆਂ ਨੂੰ ਹਟਾ ਕੇ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪੈਦਾ ਕਰ ਰਹੀ ਬੂਟੀ ਨੂੰ ਬਹਾਰ ਕੱਢਿਆ ਜਾਵੇਗਾ। ਇਸ ਲਈ ਉਹਨਾਂ ਐਕਸੀਅਨ ਡਰੇਨੇਜ਼ ਨੂੰ ਆਦੇਸ਼ ਦਿੱਤੇ ਕਿ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਦੀ ਤੁਰੰਤ ਸਫ਼ਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫਸਲਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੀ. ਡੀ. ਪੀ. ਓਜ਼ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ, ਜਿਥੇ ਪਾਣੀ ਇਕੱਠਾ ਹੁੰਦਾ ਹੈ ਅਤੇ ਉਥੇ ਪਾਣੀ ਦੀ ਸੁਚਾਰੂ ਨਿਕਾਸੀ  ਨੂੰ ਯਕੀਨੀ ਬਣਾਉਣ।