ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪੂਰੀ ਤਰ੍ਹਾਂ ਚੌਕਸ : ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਵਾਸੀਆਂ ਦੀ ਮੱਦਦ ਲਈ 24 ਘੰਟੇ ਫੀਲਡ ਵਿੱਚ ਵਿਚਰ ਰਹੇ ਹਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ
  • ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਦਿੱਤੀ ਜਾ ਸਕਦੀ ਹੈ ਹੜ੍ਹਾਂ ਸਬੰਧੀ ਸਥਿਤੀ ਦੀ ਸੂਚਨਾ  

ਤਰਨ ਤਾਰਨ, 09 ਜੁਲਾਈ : ਪਿਛਲੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਜ਼ਿਲ੍ਹਾ ਵਾਸੀਆਂ ਦੀ ਮੱਦਦ ਲਈ 24 ਘੰਟੇ ਫੀਲਡ ਵਿੱਚ ਵਿਚਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਲਗਾਤਾਰ ਜ਼ਿਲ੍ਹਾ ਵਾਸੀਆਂ ਨਾਲ ਸੰਪਰਕ ਵਿੱਚ ਰਹਿਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਬੀਤੇ 2 ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚੋਂ ਲੰਘਦੇ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਪਾਣੀ ਦੇ ਵਹਾਅ ਨੂੰ ਕੰਟਰੋਲ ਕਰਨ ਅਤੇ ਨਾਲਿਆਂ ਦੀ ਸਫ਼ਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਹੜ੍ਹਾਂ ਸਬੰਧੀ ਸਥਿਤੀ ਦੀ ਸੂਚਨਾ ਦੇ ਸਕਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਸਬ-ਡਵੀਜ਼ਨ ਪੱਟੀ ਲਈ ਫੋਨ ਨੰਬਰ 0185-245930, ਸਬ-ਡਵੀਜ਼ਨ ਖਡੂਰ ਸਾਹਿਬ ਲਈ01859-237358, ਸਬ-ਡਵੀਜ਼ਨ ਤਰਨ ਤਾਰਨ ਲਈ ਫੋਨ ਨੰਬਰ 01852-222555 ਅਤੇ ਸਬ-ਡਵੀਜ਼ਨ ਭਿੱਖੀਵਿੰਡ ਲਈ ਮੋਬਾਇਲ ਨੰਬਰ 07696349887 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਫਲੱਡ ਕੰਟਰੋਲ ਰੂਮ 24 ਘੰਟੇ ਚਾਲੂ ਰਹਿਣਗੇ ਤਾਂ ਜੋ ਮੁਸ਼ਕਿਲ ਦੀ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਲੋੜੀਂਦੀ ਮੱਦਦ ਕੀਤੀ ਜਾ ਸਕੇ।