- ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ’ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ
- ਜ਼ਿਲ੍ਹਾ ਵਾਸੀਆਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ
ਬਟਾਲਾ, 3 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਉਸਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ। ਬਜ਼ਾਰਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕਿਸੇ ਦੁਕਾਨਦਾਰ ਕੋਲੋਂ ਪਾਬੰਦੀਸ਼ੁਦਾ ਡੋਰ ਬਰਮਾਦ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇੱਕ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਹ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਗੁਰਦਾਸਪੁਰ ਸ਼ਹਿਰ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਕੋਲ ’ਅਬਾਦ ਹੁਨਰ ਹੱਟ’ ਤੋਂ ਬੱਚੇ ਚਾਈਨਾ ਡੋਰ ਵਟਾ ਕੇ ਸੂਤੀ ਧਾਗੇ ਦੀ ਡੋਰ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਹੁਨਰ ਹੱਟ ਵਿਖੇ ਸੂਤੀ ਧਾਗੇ ਦੀ ਡੋਰ ਵੀ ਵਿਕਰੀ ਲਈ ਰੱਖੀ ਗਈ ਹੈ ਤਾਂ ਜੋ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਅਸਾਨੀ ਨਾਲ ਸੂਤੀ ਧਾਗੇ ਦੀ ਡੋਰ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਮਾੜੇ ਰੁਝਾਨ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।