ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ

  • ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਆਖ਼ਰੀ ਪੜਾਅ ਵਿੱਚ 01 ਜੂਨ ਨੂੰ ਪੈਣਗੀਆਂ ਵੋਟਾਂ
  • ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਜਾਣਕਾਰੀ ਲਈ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ
  • ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਕੀਤਾ ਗਿਆ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ

ਤਰਨ ਤਾਰਨ, 17 ਮਾਰਚ : ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਸਮੇਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਖ਼ਰੀ ਪੜਾਅ ਵਿੱਚ 01 ਜੂਨ ਨੂੰ ਵੋਟਾਂ ਪੈਣਗੀਆਂ।ਉਨ੍ਹਾਂ ਕਿਹਾ ਕਿ 7 ਮਈ ਨੂੰ ਪੰਜਾਬ ਵਿੱਚ ਚੋਣਾਂ ਦਾ ਗਜ਼ਟ ਨੋਟੀਫਿਕੇਸ਼ਨ ਹੋਵੇਗਾ ਅਤੇ 14 ਮਈ ਤੱਕ ਨਾਮਜ਼ਦਗੀ ਭਰਨ ਦੀ ਆਖ਼ਰੀ ਤਾਰੀਕ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਹਨਾਂ ਦੱਸਿਆ ਕਿ 01 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਸ ਵਿੱਚ ਤਰਨ ਤਾਰਨ, ਪੱਟੀ, ਖੇਮਕਰਨ, ਖਡੂਰ ਸਾਹਿਬ, ਜ਼ੀਰਾ, ਕਪੂਰਥਲਾ, ਸੁਲਤਾਨਪੁਰ ਲੋਧੀ, ਜੰਡਿਆਲਾ ਅਤੇ ਬਾਬਾ ਬਕਾਲਾ ਸ਼ਾਮਿਲ ਹਨ।ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 16,51,004 ਲੱਖ ਵੋਟਰ ਹਨ, ਜਿਸ ਵਿੱਚ 868218 ਮਰਦ ਵੋਟਰ, 782721 ਔਰਤਾਂ ਵੋਟਰ ਅਤੇ 65 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਕੁੱਲ 1974 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਹਰੇਕ ਸਟੇਸ਼ਨ ਉੱਪਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹੇ ਵਿੱਚੋਂ ਰਾਜਨੀਤਿਕ ਇਸ਼ਤਿਹਾਰ ਅਤੇ ਹੋਰਡਿੰਗ ਹਟਾਏ ਗਏ ਹਨ।ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਵੀ ਆਦਰਸ਼ ਚੋਣ ਜ਼ਾਬਤੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਵੱਖ-ਵੱਖ ਕਮੇਟੀਆਂ ਅਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਆਪਣੀ ਡਿਊਟੀ ਉੱਪਰ ਤਾਇਨਾਤ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਰਨ ਤਾਰਨ ਵਿਖੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01852-224115 ਹੈ ਅਤੇ ਇਸ ਨੰਬਰ ਉੱਪਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਕੋਈ ਜਾਣਕਾਰੀ ਲੈਣ ਲਈ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈੱਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਟੈਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵੀਊਵਿੰਗ ਟੀਮਾਂ, ਫਲਾਇੰਗ ਸਕੂਐਡ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇੱਕ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਖ਼ਰਚ ਕਰ ਸਕਦਾ ਹੈ ਅਤੇ ਉਸ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰੋਨਿਕ, ਵੈੱਬ ਅਤੇ ਸੋਸ਼ਲ ਮੀਡੀਆ ਉੱਪਰ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਅਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ `ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਕਮੇਟੀ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਮੀਡੀਆ ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਚੋਣਾਂ ਦੇ ਇਸ ਤਿਉਹਾਰ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ।