- ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆ ਦੇ ਮੁਖੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 24 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਵੋਟਾਂ ਬਣਾਉਣ ਅਤੇ ਚੋਣ ਪ੍ਰੀਕ੍ਰਿਆ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ। ਇਸ ਦੌਰਾਨ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਸਰਸਰੀ ਸੁਧਾਈ 2024 ਅਤੇ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਮੱਦੇ ਨਜ਼ਰ ਰੱਖਦੇ ਹੋਏ ਸਵੀਪ ਗਤੀਵਿਧੀਆਂ ਕਰਵਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਉਚੇਚੇ ਤੌਰ ਤੇ 18-19 ਸਾਲ ਦੇ ਨਵੇਂ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪੈਂਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਵੋਟ ਬਣਵਾਉਣ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇਗੀ।ਇਸ ਸਬੰਧੀ ਸਮੂਹ ਪ੍ਰਿੰਸੀਪਲ ਸਾਹਿਬਾਨ ਤੋਂ ਉਹਨਾਂ ਦੇ ਕਾਲਜਾਂ/ਸਕੂਲਾਂ ਦੇ ਵਿਦਿਆਰਥੀਆਂ ਦੇ ਵੋਟਰ ਵਜੋਂ ਰਜਿਸਟਰ ਹੋਣ ਸਬੰਧੀ ਸਰਟੀਫਿਕੇਟ ਵੀ ਲਏ ਜਾਣਗੇ। ਉਹਨਾਂ ਕਿਹਾ ਕਿ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਸ੍ਰੀ ਨਵਨੀਤ ਵਾਲੀਆ ਅਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਸਮੂਹ ਚੋਣ ਹਲਕਿਆਂ ਵਿੱਚ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ’ਤੇ ਜਿਸ ਵੀ ਨੌਜਵਾਨ ਦੀ ਉਮਰ 18 ਸਾਲ ਹੈ, ਉਸਦੀ ਵੋਟ ਜ਼ਰੂਰ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਸਕੂਲਾਂ, ਕਾਲਜਾਂ, ਆਈਲਸ ਸੈਂਟਰਾਂ, ਉਦਯੋਗਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਵਿੱਚ ਸੰਪਰਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇੱਕ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਿਆਂ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜ਼ਿਲ੍ਹਾ ਸਵੀਪ ਟੀਮ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਨੌਜਵਾਨ ਨੂੰ ਵੋਟਰ ਹੈਲਪਲਾਈਨ ਐਪ ਬਾਰੇ ਵੀ ਜਾਗਰੂਕ ਕੀਤਾ ਜਾਵੇ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਵੀ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜਰੂਰ ਬਣਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਦਸੰਬਰ 2023 ਤੱਕ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ ਤੇ ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ, ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਮਿਤੀ 02 ਤੇ 03 ਦਸੰਬਰ 2023 ਨੂੰ (ਸ਼ਨੀਵਾਰ, ਐਤਵਾਰ) ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਥੇ ਸਬੰਧਿਤ ਬੀ. ਐੱਲ. ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 26 ਦਸੰਬਰ 2023 ਤੱਕ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਫਾਰਮਾਂ ਦੇ ਨਿਪਟਾਰੇ ਉਪਰੰਤ ਅਨੁਪੂਰਕਾਂ ਦਾ ਕੰਮ ਮੁਕੰਮਲ ਕਰਕੇ ਮਿਤੀ 5 ਜਨਵਰੀ, 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।